ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਅੱਜ ਮਹੱਤਵਪੂਰਨ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਗ੍ਰਿਫ਼ਤਾਰੀ ਝਬਾਲ ਵਿੱਚ ਦਰਜ ਐਫਆਈਆਰ ਨੰਬਰ 208/25 ਤਹਿਤ ਦਿਖਾਈ ਗਈ ਹੈ।
ਕੰਚਨਪ੍ਰੀਤ ਕੌਰ ਦੀ ਅੱਜ ਮਜੀਠਾ ਥਾਣੇ ਵਿੱਚ ਪੇਸ਼ੀ ਸੀ, ਜਿਸ ਨੂੰ ਲੈ ਕੇ ਪੁਲਿਸ ਨੇ ਵੱਡੀ ਗਿਣਤੀ ਵਿੱਚ ਸੁਰੱਖਿਆ ਤੈਨਾਤ ਕੀਤੀ। ਉਹ ਦੁਪਹਿਰ ਕਰੀਬ 12 ਵਜੇ ਪੁਲਿਸ ਸਟੇਸ਼ਨ ਪਹੁੰਚੀ ਅਤੇ ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਸ਼ਾਮ 5:30 ਵਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ لیا ਗਿਆ। ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਕੰਚਨਪ੍ਰੀਤ ਕੌਰ ਨੂੰ ਕੱਲ੍ਹ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਗ਼ੋਰਤਲਬ ਹੈ ਕਿ ਕੰਚਨਪ੍ਰੀਤ ਕੌਰ, ਤਰਨ ਤਾਰਨ ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਹੈ। ਇਸ ਹਲਕੇ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ 'ਤੇ ਧੱਕੇਸ਼ਾਹੀ ਦੇ ਗੰਭੀਰ ਇਲਜ਼ਾਮ ਲਗਾਏ ਗਏ ਸਨ। ਇਸ ਦੌਰਾਨ ਕੰਚਨਪ੍ਰੀਤ ਕੌਰ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ 4 ਮਾਮਲੇ ਦਰਜ ਕੀਤੇ ਗਏ ਸਨ।
ਇਸ ਤੋਂ ਪਹਿਲਾਂ ਦੁਪਹਿਰ ਉਹ ਪਹਿਲੀ ਵਾਰ ਮੀਡੀਆ ਸਾਹਮਣੇ ਆਈ ਸੀ, ਜਿੱਥੇ ਉਨ੍ਹਾਂ ਦੇ ਨਾਲ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੀ ਮੌਜੂਦ ਸਨ। ਥਾਣੇ ਦੇ ਬਾਹਰ ਗੱਲਬਾਤ ਕਰਦਿਆਂ ਵਲਟੋਹਾ ਨੇ ਮੌਜੂਦਾ ਸਰਕਾਰ 'ਤੇ ਰਾਜਨੀਤਿਕ ਰੰਝਿਸ਼ਾਂ ਦੇ ਅਧਾਰ 'ਤੇ ਕੰਚਨਪ੍ਰੀਤ ਕੌਰ ਨੂੰ ਨਿਸ਼ਾਨਾ ਬਣਾਉਣ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਵਿਰੋਧੀਆਂ ਦੀਆਂ ਔਰਤਾਂ, ਨੂੰਹਾਂ ਅਤੇ ਧੀਆਂ ਦਾ ਸਦਾ ਸਤਿਕਾਰ ਕੀਤਾ ਗਿਆ ਹੈ, ਪਰ ਪਹਿਲੀ ਵਾਰ ਰਾਜਨੀਤਿਕ ਤੌਰ 'ਤੇ ਅੱਗੇ ਵਧ ਰਹੀ ਇੱਕ ਕੁੜੀ ਨੂੰ ਰੋਕਣ ਲਈ ਕੇਸ ਦਰਜ ਕੀਤੇ ਜਾ ਰਹੇ ਹਨ।