ਕਿਸਾਨ ਮਜ਼ਦੂਰ ਮੋਰਚਾ (KMM) ਨੇ 5 ਦਸੰਬਰ ਨੂੰ ਪੰਜਾਬ ਭਰ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। KMM ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਰਾਜ ਦੇ 26 ਵੱਖ-ਵੱਖ ਸਥਾਨਾਂ ‘ਤੇ ਟ੍ਰੇਨ ਸੇਵਾਵਾਂ ਨੂੰ ਰੋਕਿਆ ਜਾਵੇਗਾ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ, ਦੋ ਘੰਟਿਆਂ ਲਈ ਜਾਰੀ ਰਹੇਗਾ। ਪੰਧੇਰ ਨੇ ਸਪੱਸ਼ਟ ਕੀਤਾ ਕਿ ਇਸ ਦੌਰਾਨ ਕੋਈ ਵੀ ਸੜਕ ਬੰਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਨੇ ਕਿਸਾਨਾਂ ਦੀਆਂ ਮੁੱਖ ਮੰਗਾਂ, ਖ਼ਾਸ ਕਰਕੇ ਕਾਨੂੰਨੀ MSP ਗਾਰੰਟੀ, ‘ਤੇ ਕੋਈ ਕਾਰਵਾਈ ਨਹੀਂ ਕੀਤੀ। ਮੁੱਖ ਜ਼ਿਲ੍ਹਿਆਂ ਵਿੱਚ ਰੇਲ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਇਸ ਰੇਲ ਰੋਕੋ ਅੰਦੋਲਨ ਕਾਰਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਰੇਲ ਗਤੀਵਿਧੀਆਂ ਬੜੇ ਪੱਧਰ ‘ਤੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਰੇਲਵੇ ਨੈੱਟਵਰਕ ਨਾਲ ਜੁੜੇ ਹੋਰ ਖੇਤਰ ਵੀ ਇਸਦਾ ਅਸਰ ਝੱਲਣਗੇ। ਕਿਸਾਨਾਂ ਦੀਆਂ ਮੁੱਖ ਮੰਗਾਂ ਪੰਧੇਰ ਨੇ ਦੱਸਿਆ ਕਿ ਕਿਸਾਨ ਕੇਂਦਰ ਸਰਕਾਰ ਤੋਂ MSP ਗਾਰੰਟੀ ਕਾਨੂੰਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ, ਉਹ ਬਿਜਲੀ ਸੋਧ ਬਿੱਲ 2025 ਨੂੰ ਵਾਪਸ ਲੈਣ ਅਤੇ ਪ੍ਰੀਪੇਡ ਬਿਜਲੀ ਮੀਟਰਾਂ ਦੀ ਵਿਰੋਧੀ ਕਰਦੇ ਹੋਏ ਪਰੰਪਰਾਗਤ ਮੀਟਰ ਮੁੜ ਲਗਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ “ਜ਼ਬਰਦਸਤੀ ਸਰਕਾਰੀ ਸੰਪਤੀਆਂ ਵੇਚ ਰਹੀ ਹੈ” ਅਤੇ ਕਿਸਾਨ-ਮਜ਼ਦੂਰਾਂ ਦੇ ਅਧਿਕਾਰਾਂ ਦੀ ਅਣਦੇਖੀ ਕਰ ਰਹੀ ਹੈ, ਜਿਸ ਕਾਰਨ ਸੰਘਰਸ਼ ਨੂੰ ਤੇਜ਼ ਕਰਨਾ ਲਾਜ਼ਮੀ ਬਣ ਗਿਆ ਹੈ। ਅੰਦੋਲਨ ਹੋਰ ਵੱਡਾ ਹੋ ਸਕਦਾ ਹੈ: ਪੰਧੇਰ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਅਣਡਿੱਠਾ ਕੀਤਾ, ਤਾਂ ਇਹ ਅੰਦੋਲਨ ਹੋਰ ਵੱਡੇ ਪੱਧਰ ‘ਤੇ ਫੈਲ ਸਕਦਾ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅਭਿਆਨ ਦਾ ਮੰਤਵ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਆਵਾਜ਼ਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਹੈ।