ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਦੀ ਪਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ 25 ਦਸੰਬਰ 2025 ਤੱਕ SGPC ਦੇ ਯਾਤਰਾ ਵਿਭਾਗ ’ਚ ਜਮ੍ਹਾਂ ਕਰਵਾਉਣੇ ਹੋਣਗੇ।
SGPC ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2026 ਵਿੱਚ ਸਿੱਖ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਵਿੱਚ ਸ਼ਮੂਲੀਅਤ ਕਰੇਗਾ ਅਤੇ ਉਥੇ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।
ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਲਈ ਸ਼ਰਧਾਲੂਆਂ ਨੂੰ ਆਪਣੇ ਹਲਕੇ ਦੇ SGPC ਮੈਂਬਰਾਂ ਪਾਸੋਂ ਸਿਫ਼ਾਰਸ਼ ਲਿਆਉਣੀ ਲਾਜ਼ਮੀ ਹੈ। ਇਸ ਦੇ ਨਾਲ ਹੀ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋਕਾਪੀ ਵੀ ਦੇਣੀ ਹੋਵੇਗੀ। SGPC ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਵੀਜ਼ਾ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਲਈ ਪਾਸਪੋਰਟ ਨਿਰਧਾਰਤ ਮਿਤੀ ਤੱਕ ਜਮ੍ਹਾਂ ਕਰਵਾ ਦਿੱਤੇ ਜਾਣ।