ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਧੱਕੇਸ਼ਾਹੀ ਦਾ ਮੁੱਦਾ ਗੰਭੀਰ ਰੂਪ ਧਾਰ ਰਿਹਾ ਹੈ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਦਾਖਲ ਕੀਤੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਦਿਆਂ ਆਉਣ ਵਾਲੇ ਸੋਮਵਾਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਐਡਵੋਕੇਟ ਅਰਸ਼ਦੀਪ ਕਲੇਰ ਨੇ ਦੱਸਿਆ ਕਿ ਚੋਣਾਂ ਦੌਰਾਨ ਕਈ ਥਾਵਾਂ 'ਤੇ ਸੱਤਾਧਾਰੀ ਧਿਰ ਅਤੇ ਪੁਲਿਸ ਵੱਲੋਂ ਕਥਿਤ ਸਾਜਿਸ਼ ਤਹਿਤ ਉਮੀਦਵਾਰਾਂ ਨੂੰ ਡਰਾਧਮਕਾ ਕਰ ਰੋਕਣ, ਉਨ੍ਹਾਂ ਦੀਆਂ ਨਾਮਜ਼ਦਗੀਆਂ ਪਾੜ ਸੁੱਟਣ ਅਤੇ ਧੱਕੇਸ਼ਾਹੀ ਦੇ ਹੋਰ ਮਾਮਲੇ ਸਾਹਮਣੇ ਆਏ ਸਨ। ਕਲੇਰ ਨੇ ਕਿਹਾ ਕਿ ਪਟਿਆਲਾ ਤੋਂ ਸਾਹਮਣੇ ਆਈ ਇੱਕ ਕਥਿਤ ਆਡੀਓ ਵਿੱਚ ਐਸਐਸਪੀ ਵੱਲੋਂ ਨਾਮਜ਼ਦਗੀ ਫਾਈਲ ਕਰਨ ਵਾਲੇ ਉਮੀਦਵਾਰਾਂ ਨੂੰ ਰਾਹ ਵਿੱਚ ਰੋਕਣ ਦੇ ਹੁਕਮ ਵੀ ਸੁਣਨ ਨੂੰ ਮਿਲਦੇ ਹਨ, ਜੋ ਗੰਭੀਰ ਮਾਮਲਾ ਹੈ।
ਅੱਜ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਸੀ। ਬੀਤੇ ਦਿਨ ਵੀ ਕਈ ਜ਼ਿਲ੍ਹਿਆਂ ਵਿੱਚ ਅਕਾਲੀ ਦਲ ਵੱਲੋਂ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ ਸਨ। ਇਸੇ ਮਾਮਲੇ ਨੂੰ ਲੈ ਕੇ ਅਰਸ਼ਦੀਪ ਕਲੇਰ ਅਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ।
ਪਟੀਸ਼ਨ ਦੇ ਮੱਦੇਨਜ਼ਰ ਹੁਣ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਤਲਬ ਕਰ ਲਿਆ ਹੈ, ਜਿਸ ਨਾਲ ਚੋਣ ਪ੍ਰਕਿਰਿਆ 'ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ।