ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ 2025 ਦੇ ਖਿਲਾਫ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਧਰਨੇ ਲਗਾਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਖੇਤਾਂ ਵਿੱਚ ਬਿਜਲੀ ਮਹਿੰਗੀ ਹੋ ਜਾਵੇਗੀ ਅਤੇ ਆਮ ਲੋਕਾਂ ਲਈ ਮਿਲਣ ਵਾਲੀ ਸਸਤੀ ਬਿਜਲੀ ਅਤੇ ਮੁਫ਼ਤ ਬਿਜਲੀ ਦੀ ਸਹੂਲਤ ਖਤਮ ਹੋ ਜਾਏਗੀ।
ਕਿਸਾਨ ਆਗੂਆਂ ਨੇ ਦੋਹਾਂ ਸਰਕਾਰਾਂ ਤੇ ਆਲੋਚਨਾ ਕੀਤੀ ਕਿ ਉਹ ਸਾਰੀਆਂ ਸਰਕਾਰੀ ਸੰਸਥਾਵਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਰਾਹੀਂ ਸਰਕਾਰ ਬਿਜਲੀ ਦੇ ਕੰਮ ਨੂੰ ਨਿੱਜੀ ਹੱਥਾਂ ਵਿੱਚ ਸੌਂਪਣਾ ਚਾਹੁੰਦੀ ਹੈ, ਜੋ ਕਿ ਲੋਕਾਂ ਲਈ ਘਾਤਕ ਹੋਵੇਗਾ। ਬਿਜਲੀ ਕੰਪਨੀਆਂ ਮਨਮਾਨੇ ਰੇਟਾਂ ’ਤੇ ਮਹਿੰਗੀ ਬਿਜਲੀ ਵੇਚਣਗੀਆਂ।
ਤਰਨਤਾਰਨ ਵਿਖੇ ਕਿਸਾਨਾਂ ਨੇ ਪੰਜਾਬ ਪਾਵਰਕੌਮ ਦੇ ਡਿਪਟੀ ਚੀਫ਼ ਇੰਜੀਨੀਅਰ ਬਾਰਡਰ ਜੋਨ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਸੰਗਰੂਰ ਵਿੱਚ ਵੀ ਕਿਸਾਨਾਂ ਨੇ ਬਿਜਲੀ ਦਫ਼ਤਰ ਅੱਗੇ ਧਰਨਾ ਲਗਾਇਆ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੋਟਾਂ ਲੈਣ ਮੌਕੇ ਵੱਡੇ ਵਾਅਦੇ ਕਰਦੀ ਹੈ ਕਿ ਘਰਾਂ ਅਤੇ ਖੇਤਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ, ਪਰ ਬਿੱਲ ਪਾਸ ਕਰਕੇ ਚਿੱਪ ਵਾਲੇ ਮੀਟਰ ਲਾਗੂ ਕਰਨਾ ਚਾਹੁੰਦੀ ਹੈ, ਜਿਸ ਨਾਲ ਬਿਜਲੀ ਨੂੰ ਮੋਬਾਇਲ ਰਿਚਾਰਜ ਵਾਂਗ ਵਰਤਣਾ ਪਵੇਗਾ।
ਕਿਸਾਨ ਆਗੂਆਂ ਨੇ ਸਪਸ਼ਟ ਤੌਰ ‘ਤੇ ਸਰਕਾਰ ਨੂੰ ਬਿਜਲੀ ਸੋਧ ਬਿੱਲ 2025 ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਆਪਣੇ ਬਿਜਲੀ ਦੇ ਸਰਕਾਰੀ ਅਦਾਰੇ ਨੂੰ ਨਿੱਜੀ ਹੱਥਾਂ ਵਿੱਚ ਜਾਣ ਤੋਂ ਬਚਾਉਣ ਦਾ ਐਲਾਨ ਕੀਤਾ ਹੈ।