ਪੰਜਾਬ ਕਾਂਗਰਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਹੁਣ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ ਹਨ ਅਤੇ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦੇ ਸੂਟਕੇਸ ਦੀ ਲੋੜ ਹੁੰਦੀ ਹੈ, ਜਿਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ।
ਸਿੱਧੂ ਨੇ AAP ਸਰਕਾਰ ’ਤੇ ਸ਼ਰਾਬ ਅਤੇ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਖ਼ਤਰੇ ਵਿੱਚ ਹਨ। ਐਕਸ ’ਤੇ ਪੋਸਟ ਕਰਕੇ ਉਨ੍ਹਾਂ ਮੁੱਖ ਮੰਤਰੀ ਤੋਂ ਸੁਰੱਖਿਆ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਵੱਡੇ ਜ਼ਮੀਨ ਘੁਟਾਲੇ, ਵਧਦੇ ਅਪਰਾਧ ਅਤੇ ਕਾਨੂੰਨ-ਵਿਵਸਥਾ ਖ਼ਰਾਬ ਹੋਣ ਦੇ ਦੋਸ਼ ਲਗਾਏ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ।
ਪਾਰਟੀ ਤੋਂ ਮੁਅੱਤਲ ਹੋਣ ਦੇ ਬਾਵਜੂਦ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਦੇ ਨਾਲ ਹਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ’ਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ।