ਪੰਜਾਬ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਨੂੰ ਅਜੇ ਇੱਕ ਦਿਨ ਵੀ ਨਹੀਂ ਹੋਇਆ ਸੀ ਕਿ ਹੁਣ ਹੁਸ਼ਿਆਰਪੁਰ ਤੋਂ ਇੱਕ ਹੋਰ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ, ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਹਰਿਆਣਾ ਵਿੱਚ 23 ਸਾਲਾ ਨੌਜਵਾਨ ਅਬਦੁਲ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਬਦੁਲ ਜਦੋਂ ਜਿੰਮ ਜਾਣ ਲਈ ਆਪਣੇ ਪਿੰਡ ਕੰਗਮਾਈ ਤੋਂ ਹਰਿਆਣਾ ਵੱਲ ਆ ਰਿਹਾ ਸੀ, ਤਾਂ ਹਰਿਆਣੇ ਨੇੜੇ ਇਕ ਪੁਲ ’ਤੇ ਇੱਕ ਅਲਟੋ ਕਾਰ ਸਵਾਰ ਨੌਜਵਾਨ ਨੇ ਉਸ ’ਤੇ ਅਚਾਨਕ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਦੌਰਾਨ ਅਬਦੁਲ ਨੂੰ ਚਾਰ ਤੋਂ ਪੰਜ ਗੋਲੀਆਂ ਲੱਗੀਆਂ।
ਘਟਨਾ ਤੋਂ ਬਾਅਦ ਅਬਦੁਲ ਨੂੰ ਉਸਦੇ ਸਾਥੀਆਂ ਵੱਲੋਂ ਤੁਰੰਤ ਐਕਟਿਵਾ ’ਤੇ ਬਿਠਾ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਮ੍ਰਿਤਕ ਦੇ ਸਾਥੀ ਨੇ ਦੱਸਿਆ ਕਿ ਅਬਦੁਲ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਨਾ ਹੀ ਉਸਨੂੰ ਪਹਿਲਾਂ ਕੋਈ ਧਮਕੀ ਮਿਲੀ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਹਮਲਾਵਰ ਦੀ ਤਲਾਸ਼ ਕੀਤੀ ਜਾ ਰਹੀ ਹੈ। ਲਗਾਤਾਰ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ।