ਮੋਹਾਲੀ ਵਿੱਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਸ਼ੂਟਰ ਨੂੰ ਪੁਲਿਸ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ ਹੈ। ਮਾਰੇ ਗਏ ਸ਼ੂਟਰ ਦੀ ਪਛਾਣ ਹਰਪਿੰਦਰ ਸਿੰਘ ਉਰਫ਼ ਮਿੱਡੂ ਵਜੋਂ ਹੋਈ ਹੈ, ਜਿਸਦਾ ਲਾਲਡੂ ਨੇੜੇ ਅੰਬਾਲਾ ਹਾਈਵੇਅ ‘ਤੇ ਐਨਕਾਊਂਟਰ ਕੀਤਾ ਗਿਆ। ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
ਪੁਲਿਸ ਮੁਤਾਬਕ ਹਰਪਿੰਦਰ ਉਰਫ਼ ਮਿੱਡੂ ਦੋ ਹੋਰ ਸ਼ੂਟਰਾਂ ਦਾ ਸਾਥੀ ਸੀ। ਮੋਹਾਲੀ ਪੁਲਿਸ ਨੇ ਪੂਰੀ ਯੋਜਨਾਬੰਦੀ ਨਾਲ ਜਾਲ ਵਿਛਾ ਕੇ ਉਸਨੂੰ ਘੇਰਿਆ ਅਤੇ ਐਨਕਾਊਂਟਰ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਿੱਡੂ ਨੇ ਸੈਲਫੀ ਲੈਣ ਦੇ ਬਹਾਨੇ ਰਾਣਾ ਬਲਾਚੌਰੀਆ ‘ਤੇ ਗੋਲੀਆਂ ਚਲਾਈਆਂ ਸਨ। ਇਹ ਕਾਰਵਾਈ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੋਹਾਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਤਹਿਤ ਕੀਤੀ ਗਈ।
ਇਸ ਮੁਕਾਬਲੇ ਦੌਰਾਨ ਦੋ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰਪਿੰਦਰ ਉਰਫ਼ ਮਿੱਡੂ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਸੀ ਅਤੇ ਉਹ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਰਹਿ ਚੁੱਕਾ ਸੀ।
ਇਸ ਤੋਂ ਇਲਾਵਾ ਪੁਲਿਸ ਨੇ ਤਰਨਤਾਰਨ ਦੇ ਹੀ ਰਹਿਣ ਵਾਲੇ ਅਸ਼ਵਿੰਦਰ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੂੰ ਕਤਲ ਦਾ ਮਾਸਟਰਮਾਈਂਡ ਮੰਨਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਦੋ ਸ਼ੂਟਰਾਂ ਆਦਿੱਤਿਆ ਕਪੂਰ ਅਤੇ ਕਰਨ ਪਾਠਕ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਨ੍ਹਾਂ ਨੇ ਪੂਰੀ ਯੋਜਨਾਬੰਦੀ ਨਾਲ ਇਸ ਕਤਲ ਨੂੰ ਅੰਜਾਮ ਦਿੱਤਾ।
ਪੁਲਿਸ ਮੁਤਾਬਕ ਕਤਲ ਦੀ ਰੇਕੀ ਕਰਨ ਵਾਲੇ ਅਤੇ ਜਾਣਕਾਰੀ ਦੇਣ ਵਾਲੇ ਕੁਝ ਹੋਰ ਲੋਕ ਵੀ ਇਸ ਸਾਜ਼ਿਸ਼ ਵਿੱਚ ਸ਼ਾਮਲ ਹਨ। ਪੁਲਿਸ ਵੱਲੋਂ ਸਾਰੇ ਸ਼ਾਮਲ ਆਰੋਪੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।