ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਨਾਲ ਸਬੰਧਿਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਉਪਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਘਰ ਭੇਜਿਆ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸੁਰਿੰਦਰ ਪਾਲ ਪਿਛਲੇ ਕਰੀਬ 10 ਸਾਲਾਂ ਤੋਂ ਆਪਣੇ ਪਰਿਵਾਰ ਦੀ ਬਿਹਤਰੀ ਲਈ ਦੁਬਈ ਵਿੱਚ ਮਿਹਨਤ ਕਰ ਰਿਹਾ ਸੀ। ਉਨ੍ਹਾਂ ਅਨੁਸਾਰ, ਬੀਤੀ 6 ਦਸੰਬਰ ਨੂੰ ਸੁਰਿੰਦਰ ਪਾਲ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੁਬਈ ਵਿੱਚ ਮੌਤ ਹੋ ਗਈ ਸੀ, ਜਿਸ ਦੀ ਸੂਚਨਾ ਪਰਿਵਾਰ ਵੱਲੋਂ ਟਰੱਸਟ ਨੂੰ ਦਿੱਤੀ ਗਈ।
ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਉਸ ਦੀ ਕੰਪਨੀ ਵੱਲੋਂ ਨਿਭਾਈ ਗਈ, ਪਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਘਰ ਤੱਕ ਦੇਹ ਲਿਜਾਣ ਲਈ ਉਨ੍ਹਾਂ ਨੂੰ ਮੁਫ਼ਤ ਐਂਬੂਲੈਂਸ ਸੇਵਾ ਦੀ ਲੋੜ ਸੀ। ਇਸ ਉਪਰੰਤ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਮ੍ਰਿਤਕ ਦੇਹ ਪ੍ਰਾਪਤ ਕਰਕੇ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਪਿੰਡ ਲਹਿਰਾ ਭੇਜਿਆ ਗਿਆ।
ਡਾ. ਓਬਰਾਏ ਨੇ ਕਿਹਾ ਕਿ ਟਰੱਸਟ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵੱਲੋਂ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਦੀ ਸਮੀਖਿਆ ਕਰਨ ਤੋਂ ਬਾਅਦ ਲੋੜ ਅਨੁਸਾਰ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।
ਇਸ ਮੌਕੇ ਮ੍ਰਿਤਕ ਦੇ ਪੁੱਤਰ ਹਰਸ਼ਦੀਪ, ਭਾਣਜਾ ਕਰਮਵੀਰ, ਜੀਜਾ ਰਾਮ ਗੋਪਾਲ, ਭਤੀਜਾ ਸੌਰਵ ਅਤੇ ਸਾਂਢੂ ਕੁਲਰਾਜ ਮੁਹੰਮਦ ਨੇ ਇਸ ਦੁੱਖ ਦੀ ਘੜੀ ਵਿੱਚ ਵੱਡੀ ਮਦਦ ਲਈ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਦਿਲੋਂ ਧੰਨਵਾਦ ਕੀਤਾ।