ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨੇ ਸੋਮਵਾਰ ਨੂੰ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਦੇ ਹੋਏ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਘਟਨਾ ਤੋਂ ਬਾਅਦ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੂੰ ਤੁਰੰਤ ਪਾਰਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ, ਗੋਲੀ ਉਨ੍ਹਾਂ ਦੇ ਛਾਤੀ ਵਿੱਚ ਲੱਗੀ ਹੈ।
ਸੂਤਰਾਂ ਮੁਤਾਬਕ, ਗੋਲੀ ਮਾਰਨ ਤੋਂ ਪਹਿਲਾਂ ਅਮਰ ਸਿੰਘ ਚਾਹਲ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਆਖਰੀ ਚਿੱਠੀ ਵੀ ਲਿਖੀ ਸੀ। ਇਸ ਤੋਂ ਇਲਾਵਾ, ਪੁਲਿਸ ਨੇ ਘਟਨਾ ਸਥਾਨ ਤੋਂ 12 ਪੰਨਿਆਂ ਦਾ ਹੱਥ ਨਾਲ ਲਿਖਿਆ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ, ਜਿਸ ਵਿੱਚ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੇ ਸਾਈਬਰ ਘਪਲੇ ਦਾ ਜ਼ਿਕਰ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਸੁਸਾਈਡ ਨੋਟ ਵਿੱਚ 8.10 ਕਰੋੜ ਰੁਪਏ ਦੀ ਔਨਲਾਈਨ ਧੋਖਾਧੜੀ ਬਾਰੇ ਲਿਖਿਆ ਹੋਇਆ ਹੈ। ਆਈਜੀ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਅਮਰ ਸਿੰਘ ਚਾਹਲ ਪਟਿਆਲਾ ਵਿੱਚ ਰਹਿ ਰਹੇ ਸਨ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਤੁਰੰਤ ਉਨ੍ਹਾਂ ਦੇ ਘਰ ਪਹੁੰਚ ਗਈਆਂ।
ਬਹਿਬਲ ਕਲਾਂ ਗੋਲੀਬਾਰੀ ਮਾਮਲੇ ’ਚ ਵੀ ਰਹੇ ਹਨ ਦੋਸ਼ੀ
ਜ਼ਿਕਰਯੋਗ ਹੈ ਕਿ ਅਮਰ ਸਿੰਘ ਚਾਹਲ 2015 ਵਿੱਚ ਫਰੀਦਕੋਟ ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਮਾਮਲਿਆਂ ਵਿੱਚ ਦੋਸ਼ੀ ਰਹੇ ਹਨ, ਜਿਨ੍ਹਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। 24 ਫਰਵਰੀ 2023 ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਫਰੀਦਕੋਟ ਅਦਾਲਤ ਵਿੱਚ ਇਸ ਮਾਮਲੇ ਸਬੰਧੀ ਚਾਰਜਸ਼ੀਟ ਦਾਇਰ ਕੀਤੀ ਸੀ।
ਚਾਰਜਸ਼ੀਟ ’ਚ ਕਈ ਵੱਡੇ ਨਾਮ ਸ਼ਾਮਲ
ਚਾਰਜਸ਼ੀਟ ਵਿੱਚ ਕਈ ਪ੍ਰਮੁੱਖ ਸਿਆਸੀ ਆਗੂਆਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਅਤੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਨਾਮ ਸ਼ਾਮਲ ਹਨ।