ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਦੀ ਘੋਸ਼ਣਾ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਿੱਧੀ ਚੁਣੌਤੀ ਹੈ।
ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਜਾਂਚ ਕਮੇਟੀ ਕਰ ਚੁੱਕੀ ਹੈ ਅਤੇ ਉਸ ਦੀ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਕੋਈ ਰਿਆਇਤ ਨਹੀਂ ਵਰਤੀ ਗਈ ਅਤੇ ਸਾਰੇ ਨੁਕਤਿਆਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲੇ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਇਹ ਗੱਲ ਸਾਫ਼ ਹੋ ਚੁੱਕੀ ਹੈ ਕਿ ਮਾਮਲਾ ਕੁਝ ਕਰਮਚਾਰੀਆਂ ਵੱਲੋਂ ਕੀਤੀ ਗਈ ਪੈਸਿਆਂ ਦੀ ਹੇਰਾਫੇਰੀ ਨਾਲ ਜੁੜਿਆ ਸੀ। ਐਡਵੋਕੇਟ ਧਾਮੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਨੂੰ ਸਿਆਸੀ ਰੰਗ ਦੇਣਾ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ ਅਤੇ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ’ਤੇ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਧਾਰਮਿਕ ਅਸਥਾਨ ਹੈ ਅਤੇ ਉਸ ਦੇ ਫ਼ੈਸਲੇ ਅੰਤਿਮ ਹਨ। ਸਰਕਾਰ ਨੂੰ ਸਲਾਹ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ’ਚ ਸਿਆਸਤ ਕਰਨ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ SGPC ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।