ਹਰਿਆਣਾ ਸਰਕਾਰ ਨੇ ਹਾਂਸੀ ਨੂੰ ਵੱਖਰਾ ਜ਼ਿਲ੍ਹਾ ਘੋਸ਼ਿਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜੋ ਅੱਜ ਸੋਮਵਾਰ ਤੋਂ ਲਾਗੂ ਹੋ ਗਿਆ ਹੈ। ਇਸ ਨਾਲ ਹਰਿਆਣਾ ਵਿੱਚ ਜ਼ਿਲ੍ਹਿਆਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ।
ਸਰਕਾਰੀ ਬਿਆਨ ਅਨੁਸਾਰ, ਹਰਿਆਣਾ ਭੂਮੀ ਮਾਲੀਆ ਐਕਟ 1887 ਅਤੇ ਰਜਿਸਟ੍ਰੇਸ਼ਨ ਐਕਟ 1908 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਰਾਜਪਾਲ ਵੱਲੋਂ ਜ਼ਿਲ੍ਹਾ ਹਿਸਾਰ ਦੀਆਂ ਸੀਮਾਵਾਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਤਹਿਤ ਹਾਂਸੀ ਅਤੇ ਨਾਰਨੌਦ ਉਪ-ਮੰਡਲਾਂ ਨੂੰ ਸ਼ਾਮਲ ਕਰਕੇ ਨਵਾਂ ਹਾਂਸੀ ਜ਼ਿਲ੍ਹਾ ਬਣਾਇਆ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਜ਼ਮੀਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤੀ ਗਈ ਹੈ, ਜਿਸ ਨਾਲ ਭ੍ਰਿਸ਼ਟਾਚਾਰ ਦੇ ਮੌਕੇ ਕਾਫ਼ੀ ਘੱਟ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੋਕ ਘਰ ਬੈਠਿਆਂ ਹੀ ਜ਼ਮੀਨ ਰਜਿਸਟ੍ਰੇਸ਼ਨ ਲਈ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਸਰਕਾਰ ਵੱਲੋਂ ਜਾਰੀ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਤਹਿਸੀਲਦਾਰਾਂ ਨੂੰ ਨਿਰਧਾਰਤ ਸਮੇਂ ਅੰਦਰ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨੀ ਲਾਜ਼ਮੀ ਹੋਵੇਗੀ। ਜੇਕਰ ਦੇਰੀ ਹੁੰਦੀ ਹੈ ਤਾਂ ਸਬੰਧਤ ਤਹਿਸੀਲਦਾਰ ਨੂੰ ਲਿਖਤੀ ਸਪਸ਼ਟੀਕਰਨ ਦੇਣਾ ਪਵੇਗਾ ਅਤੇ ਜਵਾਬ ਸੰਤੋਸ਼ਜਨਕ ਨਾ ਹੋਣ ਦੀ ਸਥਿਤੀ ਵਿੱਚ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।