ਦੋਹਾ (ਕਤਰ) ਵਿੱਚ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਫਾਈਨਲ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਵਾਲੀ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਬਰਾੜ ਅੱਜ ਆਪਣੇ ਕਾਲਜ ਦਸਮੇਸ਼ ਗਰਲਜ਼ ਕਾਲਜ ਬਾਦਲ ਪਹੁੰਚੀ, ਜਿੱਥੇ ਪ੍ਰਿੰਸੀਪਲ ਡਾ. ਐਸ.ਐਸ. ਸੰਘਾ, ਸਟਾਫ ਅਤੇ ਵਿਦਿਆਰਥਣਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਸਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਸਦੇ ਪਿਤਾ ਸ਼ਮਿੰਦਰ ਸਿੰਘ ਬਰਾੜ ਵੀ ਮੌਜੂਦ ਸਨ।
ਫਰੀਦਕੋਟ ਦੀ ਰਹਿਣ ਵਾਲੀ ਅਤੇ ਕਾਲਜ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟ ਫੈਡਰੇਸ਼ਨ ਦੇ ਵਿਸ਼ਵ ਕੱਪ ਫਾਈਨਲ ਵਿੱਚ ਮਹਿਲਾਵਾਂ ਦੇ 25 ਮੀਟਰ ਪਿਸਟਲ ਮੁਕਾਬਲੇ ਵਿੱਚ 41 ਅੰਕਾਂ ਨਾਲ ਸੋਨ ਤਮਗ਼ਾ ਜਿੱਤ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ। ਉਸਦੀ ਇਸ ਉਪਲਬਧੀ ਨਾਲ ਨਾ ਸਿਰਫ਼ ਭਾਰਤ, ਸਗੋਂ ਕਾਲਜ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਹੋਇਆ।