ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲ ਮੌਕੇ ਧਾਰਮਿਕ ਅਤੇ ਸ਼ਰਧਾ ਭਰਿਆ ਮਾਹੌਲ ਬਣਿਆ ਰਿਹਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕੀਤਾ।
ਉਨ੍ਹਾਂ ਕਿਹਾ ਕਿ ਨਿੱਕੀ ਉਮਰ ਵਿੱਚ ਧਰਮ ਅਤੇ ਸੱਚ ਦੀ ਰੱਖਿਆ ਲਈ ਦਿੱਤੀ ਗਈ ਇਹ ਸ਼ਹਾਦਤ ਨਾ ਸਿਰਫ਼ ਸਿੱਖ ਇਤਿਹਾਸ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਛੋਟੇ ਸਾਹਿਬਜ਼ਾਦਿਆਂ ਦੀ ਅਡੋਲ ਅਸਥਾ, ਹਿੰਮਤ ਅਤੇ ਨੈਤਿਕ ਬਲ ਅੱਜ ਵੀ ਨੌਜਵਾਨ ਪੀੜ੍ਹੀ ਲਈ ਰਾਹ ਦਰਸਾਉਂਦੇ ਹਨ।
ਕਾਰਜਕਾਰੀ ਜਥੇਦਾਰ ਨੇ ਪੰਜਾਬ ਸਰਕਾਰ ਅਤੇ ਸੂਬਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨਾਂ ਦੌਰਾਨ ਸੂਬੇ ਭਰ ਵਿੱਚ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਦਿਨ ਸੋਗ, ਚਿੰਤਨ ਅਤੇ ਸ਼ਰਧਾ ਦੇ ਹਨ, ਨਾ ਕਿ ਮਨੋਰੰਜਨ ਜਾਂ ਨਸ਼ੇ ਨਾਲ ਜੋੜੇ ਜਾਣ ਵਾਲੇ।
ਇਸ ਦੇ ਨਾਲ ਹੀ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਸ਼ਾ-ਮੁਕਤ ਸਮਾਜ ਦੀ ਰਚਨਾ ਲਈ ਠੋਸ ਕਦਮ ਚੁੱਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਸਿੱਖ ਗੁਰੂਆਂ ਦੀ ਸਿੱਖਿਆ ‘ਤੇ ਚੱਲਣ, ਚਰਿਤਰ ਨਿਰਮਾਣ ਅਤੇ ਨੈਤਿਕ ਜੀਵਨ ਅਪਣਾਉਣ ਦੀ ਅਪੀਲ ਕੀਤੀ।