ਫਗਵਾੜਾ ਦੇ ਨੇੜਲੇ ਪਿੰਡ ਮੰਡਾਲੀ ਵਿੱਚ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਖੇਤੀਬਾੜੀ ਦੇ ਕੰਮ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਨੇ ਗਾਲੀ-ਗਲੌਚ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕਰ ਦਿੱਤੀ। ਇਸ ਦੌਰਾਨ ਮਾਲਿਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਦੀ ਬਾਅਦ ਵਿੱਚ ਮੌਤ ਹੋ ਗਈ।
ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਦਵਿੰਦਰ ਸਿੰਘ ਨਾਲ ਘਰ ਵਿੱਚ ਮੌਜੂਦ ਸੀ, ਜਦੋਂ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੌਚ ਕੀਤੀ। ਜਦੋਂ ਦਵਿੰਦਰ ਸਿੰਘ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਮਜ਼ਦੂਰ ਨੇ ਗੁੱਸੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਸਖ਼ਤ ਵਸਤੂ ਨਾਲ ਵਾਰ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ।
ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਤੈਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ, ਪਰ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਚੁੱਕੇ ਸਨ। ਡਾਕਟਰਾਂ ਮੁਤਾਬਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।
ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।