ਗੁਰਦੁਆਰਾ ਸਾਹਿਬ ਤੋਂ ਬਾਹਰ ਆਨੰਦ ਕਾਰਜ ਸਮਾਰੋਹ ਕਰਵਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿਖੇ ਪੰਜੋਂ ਸਿੱਖ ਸਾਹਿਬਾਨਾਂ ਦੀ ਇਕ ਅਹਿਮ ਮੀਟਿੰਗ ਦੌਰਾਨ ਲਿਆ ਗਿਆ। ਇਹ ਜਾਣਕਾਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਦਿੱਤੀ।
ਜਥੇਦਾਰ ਗਰਗੱਜ ਨੇ ਕਿਹਾ ਕਿ ਪਾਰਕਾਂ, ਹੋਟਲਾਂ ਜਾਂ ਹੋਰ ਵਪਾਰਕ ਸਥਾਨਾਂ ’ਤੇ ਆਨੰਦ ਕਾਰਜ ਕਰਵਾਉਣਾ ਸਿੱਖ ਰਹਿਤ ਮਰਯਾਦਾ ਦੇ ਉਲਟ ਹੈ। ਇਸ ਲਈ ਸਾਰਿਆਂ ਦੀ ਸਹਿਮਤੀ ਨਾਲ ਇਹ ਨਿਰਣਾ ਲਿਆ ਗਿਆ ਹੈ ਕਿ ਹੁਣ ਆਨੰਦ ਕਾਰਜ ਸਿਰਫ਼ ਗੁਰਦੁਆਰਾ ਸਾਹਿਬ ਵਿੱਚ ਹੀ ਕੀਤਾ ਜਾਵੇਗਾ ਅਤੇ ਕਿਸੇ ਹੋਰ ਸਥਾਨ ’ਤੇ ਇਸਦੀ ਇਜਾਜ਼ਤ ਨਹੀਂ ਹੋਵੇਗੀ।
ਇਸਦੇ ਨਾਲ ਹੀ ਵਿਆਹ ਸਮਾਰੋਹਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਕਿਸੇ ਵੀ ਹੋਰ ਸਥਾਨ ’ਤੇ ਲਿਜਾਣ ’ਤੇ ਵੀ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ।
ਜਥੇਦਾਰ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਰਾਗੀ ਜਾਂ ਜਥਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਸਿੱਖ ਗੁਰੂ ਸਾਹਿਬਾਨਾਂ ਨੂੰ ਦਰਸਾਉਂਦੀਆਂ AI (ਆਰਟੀਫ਼ਿਸ਼ਲ ਇੰਟੈਲੀਜੈਂਸ) ਅਧਾਰਿਤ ਵੀਡੀਓਜ਼ ਅਤੇ ਫ਼ਿਲਮਾਂ ਬਣਾਉਣ ’ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਜਥੇਦਾਰ ਗਰਗੱਜ ਨੇ ਕਿਹਾ ਕਿ ਤਕਨਾਲੋਜੀ ਦੇ ਵਿਕਾਸ ਨਾਲ ਐਸੇ ਕੰਟੈਂਟ ਦਾ ਸਿੱਖ ਪਰੰਪਰਾਵਾਂ ਅਤੇ ਧਾਰਮਿਕ ਅਨੁਸ਼ਾਸਨ ’ਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਰਹਿਤ ਮਰਯਾਦਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਣਾਇਆ ਜਾਵੇਗਾ।