ਨਵਾਂਸ਼ਹਿਰ ਤੋਂ ਇੱਕ ਮੁੱਠਭੇੜ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਿਸ ਅਤੇ ਇੱਕ ਬਦਮਾਸ਼ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਦੋਸ਼ੀ ਨੌਜਵਾਨ ਜ਼ਖ਼ਮੀ ਹੋ ਗਿਆ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਉਸਦੀ ਲੱਤ ਵਿੱਚ ਲੱਗੀ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਅਨੁਸਾਰ, 28 ਦਸੰਬਰ 2025 ਨੂੰ ਨਵਾਂਸ਼ਹਿਰ ਸਥਿਤ ਵਰਮਾ ਕੁਲੈਕਸ਼ਨ ਗਾਰਮੈਂਟਜ਼ ਦੇ ਮਾਲਕ ‘ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ। ਹਾਲਾਂਕਿ ਗੋਲੀਆਂ ਨਿਸ਼ਾਨੇ ‘ਤੇ ਨਹੀਂ ਲੱਗੀਆਂ ਅਤੇ ਦੁਕਾਨ ਦੇ ਬਾਹਰ ਡਿੱਗ ਗਈਆਂ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਖ-ਵੱਖ ਟੀਮਾਂ ਗਠਿਤ ਕਰ ਕੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਜਿਸ ਨਾਲ ਦੋ ਸ਼ੱਕੀ ਨੌਜਵਾਨਾਂ ਦੀ ਪਛਾਣ ਹੋਈ।
ਅੱਜ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਡਰੀਮ ਲੈਂਡ ਰਿਜ਼ੋਰਟ ਨੇੜੇ ਨਹਿਰ ਵਾਲੇ ਖੇਤਰ ਵਿੱਚ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਘੇਰਾਬੰਦੀ ਕੀਤੀ। ਇਸ ਦੌਰਾਨ ਦੋਸ਼ੀ ਨੌਜਵਾਨ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਆਪਣੀ ਸੁਰੱਖਿਆ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ।
ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।