ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਨੌਰ (ਪਟਿਆਲਾ) ਵਿੱਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਗਹਿਰਾ ਦੁੱਖ ਅਤੇ ਤਿੱਖਾ ਰੋਸ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਇਨ੍ਹਾਂ ਨੂੰ ਰੋਕਣ ਵਿੱਚ ਅਸਫ਼ਲ ਰਹੀ ਹੈ।
ਉਨ੍ਹਾਂ ਦਾ ਦਾਅਵਾ ਹੈ ਕਿ ਰਿਪੋਰਟਾਂ ਅਨੁਸਾਰ ਪਿਛਲੇ ਚਾਰ ਸਾਲਾਂ ਵਿੱਚ ਕਰੀਬ 100 ਦੇ ਨੇੜੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਪਰ ਸਰਕਾਰ ਨੇ ਹਰ ਵਾਰ ਗੰਭੀਰ ਮਸਲਿਆਂ ‘ਤੇ ਸੰਵੇਦਨਸ਼ੀਲਤਾ ਦਿਖਾਉਣ ਦੀ ਬਜਾਏ ਸਿਰਫ਼ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕੀਤੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਸੁਲਤਾਨਪੁਰ ਲੋਧੀ ਦੀ ਇੱਕ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਗੁਰੂ ਘਰ ਅੰਦਰ ਪੁਲਿਸ ਤਾਇਨਾਤ ਕਰਕੇ ਫਾਇਰਿੰਗ ਤੱਕ ਕਰਵਾਈ ਗਈ, ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਹੋਏ, ਪਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਥਾਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।
ਸੁਖਬੀਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਨੂੰ ਪਛਾਣਣ, ਕਿਉਂਕਿ ਉਨ੍ਹਾਂ ਦੇ ਅਨੁਸਾਰ ਸਰਕਾਰ ਦੇ ਕੁਝ ਵਿਧਾਇਕ ਅਤੇ ਆਗੂ ਅਦਾਲਤਾਂ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਹਨ।