ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਅਜੀਬੋ-ਗਰੀਬ ਤੇ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਮਰ ਨਾਲ ਲੱਗੀ ਪਿਸਤੌਲ ਅਚਾਨਕ ਚੱਲਣ ਕਾਰਨ ਇੱਕ ਨੌਜਵਾਨ ਦੀ ਜਾਨ ਚਲੀ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਨੌਜਵਾਨ ਸੋਫੇ ਤੋਂ ਉੱਠਣ ਦੀ ਕੋਸ਼ਿਸ਼ ਕਰ ਰਿਹਾ ਸੀ।
ਮ੍ਰਿਤਕ ਦੀ ਪਛਾਣ ਹਰਪਿੰਦਰ ਸਿੰਘ ਉਰਫ਼ ਸੋਨੂ ਵਜੋਂ ਹੋਈ ਹੈ, ਜੋ ਹਾਲ ਹੀ ਵਿੱਚ ਵਿਦੇਸ਼ ਤੋਂ ਵਾਪਸ ਆ ਕੇ ਪਿੰਡ ਧਾਨੀ ਸੁੱਚਾ ਸਿੰਘ ਵਿੱਚ ਵਸਿਆ ਸੀ। ਜਾਣਕਾਰੀ ਮੁਤਾਬਕ, ਹਰਪਿੰਦਰ ਆਪਣੇ ਇੱਕ ਰਿਸ਼ਤੇਦਾਰ ਨਾਲ ਘਰ ਅੰਦਰ ਸੋਫੇ ‘ਤੇ ਬੈਠਿਆ ਹੋਇਆ ਸੀ। ਜਿਵੇਂ ਹੀ ਉਹ ਖੜਾ ਹੋਇਆ, ਕਮਰ ਵਿੱਚ ਫਸਾਈ ਪਿਸਤੌਲ ਅਚਾਨਕ ਚੱਲ ਗਈ ਅਤੇ ਗੋਲੀ ਉਸ ਦੇ ਪੇਟ ਵਿੱਚ ਲੱਗ ਗਈ।
ਇਹ ਪੂਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਫੁੱਟੇਜ ਵਿੱਚ ਗੋਲੀ ਦੀ ਆਵਾਜ਼ ਸੁਣਦੇ ਹੀ ਪਰਿਵਾਰਕ ਮੈਂਬਰ ਦੌੜ ਕੇ ਅੰਦਰ ਪਹੁੰਚੇ ਅਤੇ ਜ਼ਖ਼ਮੀ ਹਰਪਿੰਦਰ ਨੂੰ ਤੁਰੰਤ ਮਦਦ ਮੁਹੱਈਆ ਕਰਵਾਈ।
ਉਸਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਹਾਲਤ ਨਾਜ਼ੁਕ ਹੋਣ ਕਰਕੇ ਦੂਜੇ ਹਸਪਤਾਲ ਲਈ ਰੈਫਰ ਕਰ ਦਿੱਤਾ। ਪਰ ਬਠਿੰਡਾ ਲਿਜਾਂਦੇ ਸਮੇਂ ਰਾਹ ਵਿੱਚ ਹੀ ਉਸ ਦੀ ਮੌਤ ਹੋ ਗਈ।
ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਸਦਰ ਥਾਣੇ ਦੇ ਐਸਐਚਓ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਪੂਰੀ ਕਰਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਹਰਪਿੰਦਰ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕੀਤਾ ਸੀ ਅਤੇ ਉਸ ਦੀ ਦੋ ਸਾਲ ਦੀ ਇੱਕ ਧੀ ਵੀ ਹੈ। ਮੰਗਲਵਾਰ ਨੂੰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿਸ ਵਿੱਚ ਪਿੰਡ ਵਾਸੀਆਂ ਸਮੇਤ ਆਮ ਆਦਮੀ ਪਾਰਟੀ ਨਾਲ ਸਬੰਧਤ ਕਈ ਲੋਕ ਵੀ ਸ਼ਾਮਲ ਹੋਏ।