ਪੰਜਾਬ ਵਿੱਚ ਲਗਾਤਾਰ ਵੱਧ ਰਹੀ ਕੜੀ ਠੰਢ ਅਤੇ ਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਜਾਰੀ ਐਲਾਨ ਮੁਤਾਬਕ ਹੁਣ 7 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ, ਜਦਕਿ 8 ਜਨਵਰੀ 2026 ਤੋਂ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਪੈ ਰਹੀ ਠੰਢ ਅਤੇ ਧੁੰਦ ਕਾਰਨ ਬੱਚਿਆਂ ਅਤੇ ਸਕੂਲੀ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕਰੇਗੀ।
ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ’ਤੇ ਲਾਗੂ ਹੋਣਗੇ। ਸਾਰੇ ਸਕੂਲ 8 ਜਨਵਰੀ ਤੋਂ ਮੁੜ ਆਮ ਤੌਰ ’ਤੇ ਪਾਠਕ੍ਰਮ ਅਨੁਸਾਰ ਚਲਾਏ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 15 ਦਸੰਬਰ ਨੂੰ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ।
ਉੱਧਰ, ਪੜੋਸੀ ਰਾਜ ਹਰਿਆਣਾ ਵਿੱਚ ਵੀ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਗਈਆਂ ਹਨ। ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਰਾਜ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 1 ਜਨਵਰੀ 2026 ਤੋਂ 15 ਜਨਵਰੀ 2026 ਤੱਕ ਬੰਦ ਰਹਿਣਗੇ ਅਤੇ 16 ਜਨਵਰੀ 2026 ਨੂੰ ਮੁੜ ਖੁੱਲ੍ਹਣਗੇ।