ਹਰਿਆਣਾ ਸਰਕਾਰ ਨੇ 1992 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਜੈ ਸਿੰਘਲ ਨੂੰ ਸੂਬੇ ਦਾ ਨਵਾਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕੀਤਾ ਹੈ। ਅਜੈ ਸਿੰਘਲ ਮੌਜੂਦਾ ਕਾਰਜਕਾਰੀ ਡੀਜੀਪੀ ਓ.ਪੀ. ਸਿੰਘ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਸੰਭਾਲਣਗੇ।
ਜ਼ਿਕਰਯੋਗ ਹੈ ਕਿ ਓ.ਪੀ. ਸਿੰਘ ਬੁੱਧਵਾਰ, 31 ਦਸੰਬਰ ਨੂੰ ਸਰਕਾਰੀ ਸੇਵਾ ਤੋਂ ਸੇਵਾਮੁਕਤ ਹੋ ਰਹੇ ਹਨ, ਜਿਸ ਕਾਰਨ ਹਰਿਆਣਾ ਸਰਕਾਰ ਵੱਲੋਂ ਅਜੈ ਸਿੰਘਲ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਕਾਰੀ ਹੁਕਮਾਂ ਮੁਤਾਬਕ ਅਜੈ ਸਿੰਘਲ ਅਗਲੇ ਦੋ ਸਾਲਾਂ ਲਈ ਹਰਿਆਣਾ ਪੁਲਿਸ ਦੇ ਮੁਖੀ ਵਜੋਂ ਸੇਵਾ ਨਿਭਾਉਣਗੇ।
ਮੌਜੂਦਾ ਸਮੇਂ ਵਿੱਚ ਅਜੈ ਸਿੰਘਲ ਹਰਿਆਣਾ ਵਿੱਚ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਨੂੰ ਕਾਨੂੰਨ-ਵਿਵਸਥਾ, ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈਆਂ ਵਿੱਚ ਵੱਡਾ ਅਨੁਭਵ ਪ੍ਰਾਪਤ ਹੈ।
ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਸੁਧਾਰਾਂ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।