ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤਾਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਚੱਲ ਰਹੇ ਸੰਘਰਸ਼ ਦੇ ਤਹਿਤ, ਸ. ਗੁਰਜੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਲਿਆਂਦੇ ਜਾ ਰਹੇ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਸਹਿਯੋਗ ਦਿੱਤਾ ਜਾਵੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਦੇਸ਼ ਦੇ ਕਾਨੂੰਨ ਵਿੱਚ ਹਰ ਧਰਮ ਦੇ ਧਾਰਮਿਕ ਗ੍ਰੰਥਾਂ ਦੇ ਮਾਣ-ਸਤਿਕਾਰ ਦੀ ਰੱਖਿਆ ਲਈ ਸਰਕਾਰ ਨੂੰ ਸਖ਼ਤ ਕਾਨੂੰਨੀ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ ਅਨੁਸਾਰ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ ਜੋਤਿ ਗੁਰੂ ਮੰਨਦੇ ਹਨ, ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਕਾਨੂੰਨ ਵਿੱਚ ਵਿਸ਼ੇਸ਼ ਪ੍ਰਬੰਧ ਹੋਣੇ ਲਾਜ਼ਮੀ ਹਨ, ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਖਿੱਤੇ ਅੰਦਰ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ਅਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹੀਆਂ ਹਨ।
ਜਥੇਦਾਰ ਗੜਗੱਜ ਨੇ ਦੋਸ਼ ਲਗਾਇਆ ਕਿ ਅਕਸਰ ਪੁਲਿਸ ਵੱਲੋਂ ਦੋਸ਼ੀਆਂ ਨੂੰ ਮਾਨਸਿਕ ਹਾਲਤ ਠੀਕ ਨਾ ਹੋਣ ਦਾ ਬਹਾਨਾ ਬਣਾਕੇ ਜਾਂ ਹੋਰ ਤਰੀਕਿਆਂ ਨਾਲ ਕੁਝ ਸਮੇਂ ਬਾਅਦ ਛੱਡ ਦਿੱਤਾ ਜਾਂਦਾ ਹੈ, ਜਾਂ ਫਿਰ ਦੋਸ਼ੀਆਂ ਨੂੰ ਸਾਹਮਣੇ ਹੀ ਨਹੀਂ ਲਿਆਂਦਾ ਜਾਂਦਾ। ਇਸ ਕਾਰਨ ਸਿੱਖ ਸੰਗਤਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਉਨ੍ਹਾਂ ਦੇ ਮਨਾਂ ਵਿੱਚ ਅਸੰਤੋਖ ਅਤੇ ਵਿਰੋਧ ਦੀ ਭਾਵਨਾ ਪੈਦਾ ਹੁੰਦੀ ਹੈ।
ਉਨ੍ਹਾਂ ਨੇ ਇਸ ਪਿੱਛੇ ਲੁਕਵੀਂ ਸ਼ਕਤੀਆਂ ਦੀ ਸਿੱਖ ਵਿਰੋਧੀ ਸਾਜ਼ਿਸ਼ ਵੱਲ ਇਸ਼ਾਰਾ ਕਰਦਿਆਂ ਸਵਾਲ ਉਠਾਇਆ ਕਿ ਬੇਅਦਬੀ ਕਰਨ ਵਾਲਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਂ ਗੁਰਦੁਆਰਾ ਸਾਹਿਬਾਨ ਹੀ ਕਿਉਂ ਨਿਸ਼ਾਨਾ ਬਣਾਉਂਦੇ ਨਜ਼ਰ ਆਉਂਦੇ ਹਨ—ਇਹ ਗੰਭੀਰ ਮੰਥਨ ਅਤੇ ਚਿੰਤਨ ਦਾ ਵਿਸ਼ਾ ਹੈ।
ਅੰਤ ਵਿੱਚ, ਜਥੇਦਾਰ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਸਮੇਂ ਹੋਈਆਂ ਇਕੱਤਰਤਾਵਾਂ ਦੀ ਲੜੀ ਵਿੱਚ ਅਗਲੀ ਵਿਚਾਰ-ਚਰਚਾ ਜਲਦ ਕੀਤੀ ਜਾਵੇਗੀ, ਤਾਂ ਜੋ ਬੇਅਦਬੀਆਂ ਨੂੰ ਠੱਲ੍ਹਣ ਲਈ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਕੇ ਠੋਸ ਨੀਤੀ ਤਹਿਤ ਹੱਲ ਕੱਢਿਆ ਜਾ ਸਕੇ।