ਕਪੂਰਥਲਾ ਸ਼ਹਿਰ ਦੇ ਸੀਨਪੁਰਾ ਮੁਹੱਲੇ ਵਿੱਚ 40 ਸਾਲਾ ਮਹਿਲਾ ਹੇਮਪ੍ਰੀਤ ਕੌਰ ਉਰਫ਼ ਹੇਮਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਆਰੋਪੀ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ, ਜਿਨ੍ਹਾਂ ਦੀਆਂ ਤਸਵੀਰਾਂ ਹੁਣ ਪੁਲਿਸ ਦੇ ਕਬਜ਼ੇ ਵਿੱਚ ਹਨ।
ਪੁਲਿਸ ਵੱਲੋਂ ਖੰਗਾਲੀ ਗਈ ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇਲਾਕੇ ਵਿੱਚ ਦਾਖ਼ਲ ਹੁੰਦੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤੇਜ਼ੀ ਨਾਲ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ। ਪੁਲਿਸ ਸੂਤਰਾਂ ਅਨੁਸਾਰ ਫੁਟੇਜ ਵਿੱਚ ਆਰੋਪੀਆਂ ਦੇ ਹੂਲੀਏ ਕਾਫ਼ੀ ਹੱਦ ਤੱਕ ਸਪਸ਼ਟ ਹਨ, ਜਿਸ ਨਾਲ ਉਨ੍ਹਾਂ ਦੀ ਪਹਿਚਾਣ ਹੋਣ ਦੀ ਪੂਰੀ ਸੰਭਾਵਨਾ ਜਤਾਈ ਜਾ ਰਹੀ ਹੈ।
ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਕੀਤੀ ਗਈ ਫਾਇਰਿੰਗ
ਜ਼ਿਕਰਯੋਗ ਹੈ ਕਿ ਦੁਪਹਿਰ ਸਮੇਂ ਆਰੋਪੀਆਂ ਨੇ ਮਹਿਲਾ ਦੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਫਾਇਰਿੰਗ ਕੀਤੀ। ਪੁਲਿਸ ਮੁਤਾਬਕ ਕੁੱਲ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਹੇਮਪ੍ਰੀਤ ਕੌਰ ਨੂੰ ਲੱਗੀ, ਜਦਕਿ ਤਿੰਨ ਗੋਲੀਆਂ ਹਵਾਈ ਫਾਇਰ ਕੀਤੀਆਂ ਗਈਆਂ। ਗੰਭੀਰ ਹਾਲਤ ਵਿੱਚ ਮਹਿਲਾ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਤਸਵੀਰਾਂ ਦੇ ਆਧਾਰ ‘ਤੇ ਛਾਪੇਮਾਰੀ ਜਾਰੀ
ਸੀਸੀਟੀਵੀ ਤੋਂ ਮਿਲੀਆਂ ਤਸਵੀਰਾਂ ਦੇ ਆਧਾਰ ‘ਤੇ ਪੁਲਿਸ ਨੇ ਆਰੋਪੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸੰਭਾਵਿਤ ਠਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਪੂਰਾ ਖੁਲਾਸਾ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਮ੍ਰਿਤਕਾ ਦਾ ਪਤੀ ਅਤੇ ਪੁੱਤਰ ਕੈਨੇਡਾ ਵਿੱਚ ਰਹਿੰਦੇ ਹਨ। ਇਸ ਅਚਾਨਕ ਖੂਨੀ ਵਾਰਦਾਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।