ਸ੍ਰੀਨਗਰ ਦੇ ਅਨੰਤਨਾਗ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਪਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਉਸ ਦੇ ਜੱਦੀ ਪਿੰਡ ਰਮਦਾਸ ਪਹੁੰਚਿਆ। ਸ਼ਹੀਦ ਦੀ ਦੇਹ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਮਾਹੌਲ ਗਮਗੀਨ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।
ਰਮਦਾਸ ਦੇ ਸ਼ਮਸ਼ਾਨ ਘਾਟ ਵਿਖੇ ਸ਼ਹੀਦ ਪਰਗਟ ਸਿੰਘ ਦਾ ਰਾਜਕੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਸਮਾਜਿਕ ਅਤੇ ਰਾਜਨੀਤਿਕ ਆਗੂ ਹਾਜ਼ਰ ਰਹੇ। ਪੰਜਾਬ ਸਰਕਾਰ ਵੱਲੋਂ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਸਮੇਤ ਹੋਰ ਨੁਮਾਇੰਦੇ ਵੀ ਮੌਕੇ ’ਤੇ ਪਹੁੰਚੇ।
ਅੰਤਿਮ ਸੰਸਕਾਰ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਗਟ ਸਿੰਘ ਦੇਸ਼ ਦਾ ਹੋਣਹਾਰ ਜਵਾਨ ਸੀ, ਜਿਸ ਨੇ ਡਿਊਟੀ ਨਿਭਾਉਂਦਿਆਂ ਆਪਣੀ ਸਰਬਉੱਚ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।