ਗੁਰਦਾਸਪੁਰ–ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬਬਰੀ ਨਾਕੇ ਨੇੜੇ ਸਥਿਤ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਹਾਲਤ ਵਿੱਚ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜ਼ਖ਼ਮੀ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਰਹਿ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਮੋਹਨ ਸਿੰਘ ਅਤੇ ਐਸਐਚਓ ਸਦਰ ਅਮਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਡਾਕਟਰਾਂ ਮੁਤਾਬਕ ਮਨਪ੍ਰੀਤ ਸਿੰਘ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ।
ਡੀਐਸਪੀ ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਰੈਸਟੋਰੈਂਟ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਿਆ ਕਿ ਰੈਸਟੋਰੈਂਟ ਮਾਲਕ ਦੇ ਮੋਢੇ ‘ਤੇ ਗੋਲੀ ਲੱਗੀ ਹੋਈ ਹੈ।
ਫਿਲਹਾਲ ਆਪਣੇ ਆਪ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀ ਖੁਦ ਮਾਰੀ ਗਈ ਹੈ ਜਾਂ ਫਿਰ ਅਚਾਨਕ ਚੱਲੀ ਹੈ।