ਪੰਜਾਬ ਵਿੱਚ ਵਧ ਰਹੀ ਠੰਢ ਅਤੇ ਸੰਘਣੀ ਧੁੰਦ ਦੇ ਚੱਲਦੇ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 14 ਜਨਵਰੀ ਤੋਂ ਮੁੜ ਖੁੱਲ੍ਹਣਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਮੌਸਮ ਵਿਭਾਗ ਨੇ ਸੂਬੇ ਵਿੱਚ ਸੰਘਣੀ ਧੁੰਦ ਅਤੇ ਕੁਝ ਜ਼ਿਲ੍ਹਿਆਂ—ਮੁਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਪਟਿਆਲਾ—ਵਿੱਚ ਕੋਲਡ ਵੇਵ ਦੀ ਸੰਭਾਵਨਾ ਜਤਾਈ ਹੈ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।