ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਓਰੇਂਜ ਅਲਰਟ ਜਾਰੀ ਹੈ। ਰਾਤ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ ਵੀ ਕਮੀ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਘਟ ਗਿਆ, ਜੋ ਆਮ ਨਾਲੋਂ 6.1 ਡਿਗਰੀ ਘੱਟ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ਵਿੱਚ ਕੋਲਡ ਡੇ ਦੀ ਸਥਿਤੀ ਰਹੀ।
ਪਟਿਆਲਾ, ਬਠਿੰਡਾ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਰਹੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਦਿੱਕਤਾਂ ਆਈਆਂ। ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ, ਜਦਕਿ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ ਵਿੱਚ ਵੀ ਧੁੰਦ ਛਾਈ ਰਹਿ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਪਰ ਧੁੰਦ ਜਾਰੀ ਰਹੇਗੀ। ਲੋਹੜੀ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 9 ਤੋਂ 15 ਜਨਵਰੀ ਤੱਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਦਰਮਿਆਨ ਰਹਿਣ ਦੀ ਉਮੀਦ ਹੈ।