ਪੰਜਾਬ ਵਿੱਚ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲੀਆਂ ਹਨ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਦੋਵਾਂ ਕੋਰਟ ਕੰਪਲੈਕਸਾਂ ਨੂੰ ਖਾਲੀ ਕਰਵਾ ਕੇ ਦਾਖ਼ਲਾ ਬੰਦ ਕਰ ਦਿੱਤਾ ਗਿਆ ਹੈ।
ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਸੱਗੜ ਨੇ ਦੱਸਿਆ ਕਿ ਸਵੇਰੇ ਕਰੀਬ 8:15 ਵਜੇ ਅਦਾਲਤ ਨੂੰ ਈਮੇਲ ਰਾਹੀਂ ਬੰਬ ਧਮਕੀ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਨੂੰ ਬੁਲਾਇਆ ਗਿਆ ਅਤੇ ਬੰਬ ਸਕੁਐਡ ਨੂੰ ਤਾਇਨਾਤ ਕਰ ਦਿੱਤਾ ਗਿਆ। ਬਾਰ ਐਸੋਸੀਏਸ਼ਨ ਵੱਲੋਂ ਵਕੀਲਾਂ ਨੂੰ ਕੋਰਟ ਕੰਪਲੈਕਸ ਵਿੱਚ ਨਾ ਆਉਣ ਦੀ ਅਪੀਲ ਕੀਤੀ ਗਈ ਹੈ।
ਉਧਰ, ਫਤਿਹਗੜ੍ਹ ਸਾਹਿਬ ਸਥਿਤ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਨੂੰ ਵੀ ਈਮੇਲ ਰਾਹੀਂ ਬੰਬ ਧਮਕੀ ਮਿਲਣ ਤੋਂ ਬਾਅਦ ਅਦਾਲਤ ਪ੍ਰਸ਼ਾਸਨ ਨੇ ਤੁਰੰਤ ਸਖ਼ਤ ਕਦਮ ਚੁੱਕੇ। ਸੁਰੱਖਿਆ ਕਾਰਨਾਂ ਕਰਕੇ ਕੰਪਲੈਕਸ ਦੀ ਦਾਖ਼ਲਾ ਅਸਥਾਈ ਤੌਰ ’ਤੇ ਬੰਦ ਕਰ ਦਿੱਤੀ ਗਈ ਹੈ।
ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਦੀ ਅਮਨ-ਕਾਨੂੰਨ ਸਥਿਤੀ ’ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਅਜਿਹੀਆਂ ਧਮਕੀਆਂ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ।
ਫਿਲਹਾਲ ਪੁਲਿਸ ਅਤੇ ਬੰਬ ਸਕੁਐਡ ਵੱਲੋਂ ਦੋਵਾਂ ਥਾਵਾਂ ’ਤੇ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਕਿਸੇ ਨੂੰ ਵੀ ਅਦਾਲਤੀ ਅਹਾਤੇ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।