ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਬਾਰੇ ਕਦੇ ਸੋਚਿਆ ਵੀ ਨਹੀਂ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਬਉੱਚ ਅਦਾਲਤ ਹੈ ਅਤੇ ਉਹ ਇੱਕ ਨਿਮਾਣੇ ਸਿੱਖ ਵਜੋਂ ਉੱਥੇ ਪੇਸ਼ ਹੋਏ।
ਸੀਐਮ ਮਾਨ ਨੇ ਕਿਹਾ, “ਅਸੀਂ ਤਾਂ ਰਸਤੇ ‘ਚ ਵੀ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਣ ਤਾਂ ਨਤਮਸਤਕ ਹੋ ਜਾਂਦੇ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਦੀ ਗੱਲ ਸੋਚੀ ਵੀ ਨਹੀਂ ਜਾ ਸਕਦੀ।”
ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਲਗਭਗ 35 ਮਿੰਟ ਤੱਕ ਸਵਾਲ-ਜਵਾਬ ਹੋਏ ਅਤੇ ਜਥੇਦਾਰ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਤੱਕ ਮੁੱਖ ਮੰਤਰੀ ਦਾ ਪੱਖ ਪਹੁੰਚ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਸੰਤੁਸ਼ਟੀ ਮਿਲੀ।
ਪੇਸ਼ੀ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਨੂੰ ਸਿੱਖ ਰਹਿਤ ਮਰਯਾਦਾ ਦਾ ਕਿਤਾਬਚਾ ਵੀ ਭੇਟ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਹੋਈ ਇਹ ਪੇਸ਼ੀ ਗੋਲਕਾਂ ਅਤੇ ਕਥਿਤ ਵੀਡੀਓ ਮਾਮਲੇ ਨੂੰ ਲੈ ਕੇ ਬੁਲਾਈ ਗਈ ਸੀ।