I-PAC ਛਾਪੇਮਾਰੀ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਜਿਸ ਦੌਰਾਨ ਅਦਾਲਤ ਨੇ ਇਹ ਮੰਨਿਆ ਕਿ ਕੇਂਦਰੀ ਜਾਂਚ ਏਜੰਸੀ ਦੇ ਕੰਮ ਵਿੱਚ ਰਾਜ ਸਰਕਾਰ ਵੱਲੋਂ ਦਖਲ ਦੇਣ ਦੀ ਕੋਸ਼ਿਸ਼ ਕੀਤੀ ਗਈ। ਸੁਣਵਾਈ ਦੌਰਾਨ ਈਡੀ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਖੁਦ ਮੁੱਖ ਮੰਤਰੀ ਮਮਤਾ ਬਨਰਜੀ ਆਰੋਪੀ ਹਨ, ਜਦਕਿ ਪੱਛਮੀ ਬੰਗਾਲ ਦੇ ਡੀਜੀਪੀ ਨੇ ਸਹਾਇਕ ਦੀ ਭੂਮਿਕਾ ਨਿਭਾਈ।
ਤੁਸ਼ਾਰ ਮਹਿਤਾ ਨੇ ਕਿਹਾ ਕਿ ਕੋਲਕਾਤਾ ਵਿੱਚ ਈਡੀ ਦੀ ਛਾਪੇਮਾਰੀ ਦੌਰਾਨ I-PAC ਦਫ਼ਤਰ ਤੋਂ ਫਾਈਲਾਂ ਅਤੇ ਮਹੱਤਵਪੂਰਨ ਦਸਤਾਵੇਜ਼ ਗੈਰਕਾਨੂੰਨੀ ਤਰੀਕੇ ਨਾਲ ਲੈ ਜਾਏ ਗਏ, ਜਿਸ ਵਿੱਚ ਮੁੱਖ ਮੰਤਰੀ ਮਮਤਾ ਬਨਰਜੀ ਖੁਦ ਮੌਜੂਦ ਸਨ। ਅਦਾਲਤ ਨੇ ਇਸ ਮਾਮਲੇ ਵਿੱਚ ਮਮਤਾ ਸਰਕਾਰ ਦੇ ਰਵੱਈਏ ‘ਤੇ ਸਖ਼ਤ ਟਿੱਪਣੀ ਕੀਤੀ, ਜਿਸਨੂੰ ਸਰਕਾਰ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਸੁਪਰੀਮ ਕੋਰਟ ਨੇ ਕੋਲਕਾਤਾ ਵਿੱਚ ED ਅਧਿਕਾਰੀਆਂ ‘ਤੇ ਦਰਜ ਚਾਰ ਐਫਆਈਆਰਾਂ ਦੀ ਕਾਰਵਾਈ ‘ਤੇ ਤੁਰੰਤ ਰੋਕ ਲਗਾ ਦਿੱਤੀ। ਅਦਾਲਤ ਨੇ ਸਾਫ਼ ਕਿਹਾ ਕਿ ਰਾਜ ਸਰਕਾਰ ਜਾਂ ਉਸ ਦੀਆਂ ਏਜੰਸੀਆਂ ਨੂੰ ਕੇਂਦਰੀ ਜਾਂਚ ਏਜੰਸੀਆਂ ਦੇ ਕੰਮ ਵਿੱਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ।
ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਅਤੇ ਰਾਜ ਪੁਲਿਸ ਪ੍ਰਸ਼ਾਸਨ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਤਲਬ ਕੀਤਾ ਹੈ। ਇਸਦੇ ਨਾਲ ਹੀ ਬੰਗਾਲ ਦੇ ਡੀਜੀਪੀ ਰਾਜੀਵ ਕੁਮਾਰ ਅਤੇ ਕੋਲਕਾਤਾ ਪੁਲਿਸ ਕਮਿਸ਼ਨਰ ਮਨੋਜ ਵਰਮਾ ਦੇ ਸਸਪੈਂਸ਼ਨ ਦੀ ਮੰਗ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਰਾਜ ਸਰਕਾਰ ਤੋਂ ਰਾਏ ਮੰਗੀ ਗਈ ਹੈ।
ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਘਟਨਾ ਸਥਲ ਨਾਲ ਸੰਬੰਧਿਤ ਸਾਰੇ CCTV ਫੁਟੇਜ ਅਤੇ ਇਲੈਕਟ੍ਰਾਨਿਕ ਡਿਵਾਈਸ ਸੁਰੱਖਿਅਤ ਰੱਖੇ ਜਾਣ, ਤਾਂ ਜੋ ਭਵਿੱਖ ਦੀ ਸੁਣਵਾਈ ਦੌਰਾਨ ਕੋਈ ਸਬੂਤ ਪ੍ਰਭਾਵਿਤ ਨਾ ਹੋਵੇ।
ਅਦਾਲਤ ਨੇ ਇਹ ਵੀ ਦਰਜ ਕੀਤਾ ਕਿ ED ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 9 ਜਨਵਰੀ ਨੂੰ ਟੀਐਮਸੀ ਦੀ ਲੀਗਲ ਸੈੱਲ ਵੱਲੋਂ ਹਾਈਕੋਰਟ ਵਿੱਚ ਭੀੜ ਇਕੱਠੀ ਕਰਨ ਲਈ ਵਾਟਸਐਪ ਸੁਨੇਹੇ ਭੇਜੇ ਗਏ, ਜਿਸ ਕਾਰਨ ਅਦਾਲਤੀ ਪਰਿਸਰ ਵਿੱਚ ਅਵਵਸਥਾ ਪੈਦਾ ਹੋਈ। ਸਾਲਿਸਿਟਰ ਜਨਰਲ ਨੇ ਇਸਨੂੰ ਗੰਭੀਰ ਮਾਮਲਾ ਦੱਸਦੇ ਹੋਏ ਸੁਪਰੀਮ ਕੋਰਟ ਤੋਂ ਜਾਂਚ ਦੀ ਮੰਗ ਕੀਤੀ।
ਇਸ ਮਾਮਲੇ ਨੂੰ ਦੇਸ਼ ਵਿੱਚ ਕਾਨੂੰਨ ਦੇ ਰਾਜ ਅਤੇ ਸੰਵੈਧਾਨਕ ਸੰਸਥਾਵਾਂ ਦੀ ਸੁਤੰਤਰਤਾ ਨਾਲ ਜੁੜਿਆ ਗੰਭੀਰ ਮਸਲਾ ਮੰਨਿਆ ਜਾ ਰਿਹਾ ਹੈ।