ਈਰਾਨ ਵਿੱਚ ਬਿਗੜ ਰਹੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਉਥੇ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦੇ ਜਾਣ ਦੀ ਤਿਆਰੀ ਤੇਜ਼ ਕਰ ਦਿੱਤੀ ਹੈ। ਸਰਕਾਰੀ ਸੂਤਰਾਂ ਅਨੁਸਾਰ, ਜੇ ਹਾਲਾਤ ਅਨੁਕੂਲ ਰਹੇ ਤਾਂ ਪਹਿਲਾ ਜਥਾ ਕੱਲ੍ਹ ਹੀ ਭਾਰਤ ਲਿਆਂਦਾ ਜਾ ਸਕਦਾ ਹੈ।
ਵਿਦੇਸ਼ ਮੰਤਰਾਲਾ (MEA) ਈਰਾਨ ਦੇ ਹਾਲਾਤਾਂ ’ਤੇ ਨਜ਼ਦੀਕੀ ਨਜ਼ਰ ਬਣਾਈ ਹੋਈ ਹੈ ਅਤੇ ਐਮਰਜੈਂਸੀ ਯੋਜਨਾਵਾਂ ਸਰਗਰਮ ਕਰ ਦਿੱਤੀਆਂ ਗਈਆਂ ਹਨ। ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਖ਼ਾਸ ਕਰਕੇ ਵਿਦਿਆਰਥੀਆਂ ਸਮੇਤ ਉਹਨਾਂ ਭਾਰਤੀਆਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ ਜੋ ਦੇਸ਼ ਛੱਡਣਾ ਚਾਹੁੰਦੇ ਹਨ।
ਈਰਾਨ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਅਤੇ ਫ਼ੋਨ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਦੂਤਾਵਾਸ ਦੇ ਅਧਿਕਾਰੀ ਖੁਦ ਮੈਦਾਨ ਵਿੱਚ ਜਾ ਕੇ ਭਾਰਤੀ ਨਾਗਰਿਕਾਂ ਨਾਲ ਸੰਪਰਕ ਕਰ ਰਹੇ ਹਨ। ਸਰਕਾਰੀ ਸੂਤਰਾਂ ਮੁਤਾਬਕ, ਕਨੈਕਟੀਵਿਟੀ ਨਾ ਹੋਣ ਕਰਕੇ ਦੂਤਾਵਾਸੀ ਟੀਮਾਂ ਸਿੱਧੇ ਤੌਰ ’ਤੇ ਵਿਦਿਆਰਥੀਆਂ ਤੱਕ ਪਹੁੰਚ ਕੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ।
ਇਹ ਕਦਮ ਉਸ ਵੇਲੇ ਚੁੱਕਿਆ ਗਿਆ ਹੈ ਜਦੋਂ ਈਰਾਨ ਵਿੱਚ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਰਿਆਲ ਦੀ ਕੀਮਤ ਡਿੱਗਣ ਨਾਲ ਸ਼ੁਰੂ ਹੋਏ ਵਿਰੋਧ ਹੁਣ ਸਾਰੇ 31 ਸੂਬਿਆਂ ਵਿੱਚ ਰਾਜਨੀਤਿਕ ਅਸ਼ਾਂਤੀ ਦਾ ਰੂਪ ਧਾਰ ਚੁੱਕੇ ਹਨ। ਮਨੁੱਖੀ ਅਧਿਕਾਰ ਸੰਸਥਾਵਾਂ ਮੁਤਾਬਕ, ਸੁਰੱਖਿਆ ਬਲਾਂ ਦੀ ਕਾਰਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅਨੁਮਾਨਾਂ ਅਨੁਸਾਰ, ਇਸ ਸਮੇਂ ਈਰਾਨ ਵਿੱਚ 10 ਹਜ਼ਾਰ ਤੋਂ ਵੱਧ ਭਾਰਤੀ ਨਾਗਰਿਕ ਮੌਜੂਦ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਦੀ ਹੈ। ਭਾਰਤ ਨੇ ਪਹਿਲਾਂ ਹੀ ਸਖ਼ਤ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਉਪਲਬਧ ਵਪਾਰਕ ਉਡਾਣਾਂ ਰਾਹੀਂ ਜਲਦ ਤੋਂ ਜਲਦ ਦੇਸ਼ ਛੱਡਣ ਦੀ ਸਲਾਹ ਦਿੱਤੀ ਸੀ।
ਦੂਜੇ ਪਾਸੇ, ਭਾਰਤ ਅਤੇ ਈਰਾਨ ਦਰਮਿਆਨ ਕੂਟਨੀਤਿਕ ਸੰਪਰਕ ਜਾਰੀ ਹੈ। ਈਰਾਨ ਦੇ ਵਿਦੇਸ਼ ਮੰਤਰੀ ਸਈਦ ਅੱਬਾਸ ਅਰਾਘਚੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲਬਾਤ ਕਰਕੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਬਾਰੇ ਚਰਚਾ ਕੀਤੀ ਹੈ।
ਨਵੀਂ ਦਿੱਲੀ ਤੋਂ ਸੰਕੇਤ ਮਿਲੇ ਹਨ ਕਿ ਜੇ ਹਾਲਾਤ ਹੋਰ ਖਰਾਬ ਹੁੰਦੇ ਹਨ ਤਾਂ ਬਚਾਵ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇਗੀ, ਕਿਉਂਕਿ ਵਿਦੇਸ਼ਾਂ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।