ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਵਾਰ ਫਿਰ ਗੰਭੀਰ ਰੂਪ ਵਿੱਚ ਸਾਹਮਣੇ ਆਈ ਹੈ। ਜਗਰਾਓਂ ਦੇ ਬਲਾਕ ਸਿੱਧਵਾਂ ਬੇਟ ਦੇ ਪਿੰਡ ਸ਼ੇਰੇਵਾਲ ਵਿੱਚ 25 ਸਾਲਾ ਜਸਵੀਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਸ ਨਾਲ ਇੱਕੋ ਪਰਿਵਾਰ ਵਿੱਚ ਨਸ਼ੇ ਕਾਰਨ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ, ਜਸਵੀਰ ਸਿੰਘ ਦੇ ਪਿਤਾ ਮੁਖਤਿਆਰ ਸਿੰਘ ਅਤੇ ਉਸਦੇ ਪੰਜ ਭਰਾ ਪਹਿਲਾਂ ਹੀ ਨਸ਼ੇ ਦੀ ਲਪੇਟ ਵਿੱਚ ਆ ਕੇ ਜਾਨ ਗਵਾ ਚੁੱਕੇ ਹਨ। ਹੁਣ ਘਰ ਵਿੱਚ ਸਿਰਫ਼ ਬਜ਼ੁਰਗ ਮਾਤਾ ਛਿੰਦਰ ਕੌਰ ਬਚੀ ਹੈ, ਜੋ ਆਪਣੀਆਂ ਦੋ ਨੂੰਹਾਂ ਅਤੇ ਪੋਤਿਆਂ-ਪੋਤੀਆਂ ਸਮੇਤ ਇਨਸਾਫ ਦੀ ਮੰਗ ਕਰ ਰਹੀ ਹੈ।
ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿੱਚ ਨਸ਼ਾ ਖੁੱਲ੍ਹੇਆਮ ਵਿਕਦਾ ਹੈ ਅਤੇ ਪੁਲਿਸ ਢਿੱਲੀ ਕਾਰਵਾਈ ਕਰ ਰਹੀ ਹੈ। ਜਸਵੀਰ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਇੱਕ ਔਰਤ ਅਤੇ ਇੱਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ, ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਇਸ ਮਾਮਲੇ ’ਤੇ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਰਾਜਵਿੰਦਰ ਸਿੰਘ ਨੇ ਕਿਹਾ ਕਿ ਮੌਤ ਨਸ਼ੇ ਨਾਲ ਹੋਈ ਹੈ ਜਾਂ ਨਹੀਂ, ਇਸ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।