ਸੁਰੱਖਿਆ ਏਜੰਸੀਆਂ ਵੱਲੋਂ ਨਿਗਰਾਨੀ ਤੇਜ਼, ਆਮ ਲੋਕਾਂ ਤੋਂ ਸਹਿਯੋਗ ਦੀ ਅਪੀਲ
ਗਣਤੰਤਰ ਦਿਵਸ ਤੋਂ ਕੁਝ ਦਿਨ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਵੱਲੋਂ ਨਿਗਰਾਨੀ ਹੋਰ ਵੀ ਤੇਜ਼ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ, ਦਿੱਲੀ ਦੇ ਵੱਖ-ਵੱਖ ਇਲਾਕਿਆਂ, ਖ਼ਾਸ ਕਰਕੇ ਵੱਡੇ ਆਵਾਜਾਈ ਕੇਂਦਰਾਂ ‘ਤੇ ਕੁਝ ਸ਼ੱਕੀ ਵਿਅਕਤੀਆਂ ਦੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਬੱਬਰ ਖ਼ਾਲਸਾ, ਜੈਸ਼-ਏ-ਮੁਹੰਮਦ ਅਤੇ ਅਲ-ਕਾਇਦਾ ਵਰਗੀਆਂ ਆਤੰਕੀ ਸੰਸਥਾਵਾਂ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੀ ਜਾਣਕਾਰੀ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਇਸ ਕਦਮ ਦਾ ਮਕਸਦ ਆਮ ਲੋਕਾਂ ਨੂੰ ਵੀ ਸੁਰੱਖਿਆ ਪ੍ਰਬੰਧਾਂ ਵਿੱਚ ਸ਼ਾਮਲ ਕਰਨਾ ਹੈ, ਕਿਉਂਕਿ ਹਰ ਰੋਜ਼ ਲੱਖਾਂ ਯਾਤਰੀ ਰੇਲਵੇ ਸਟੇਸ਼ਨਾਂ, ਮੈਟਰੋ ਸਟੇਸ਼ਨਾਂ ਅਤੇ ਹੋਰ ਵੱਡੇ ਟਰਾਂਜ਼ਿਟ ਹੱਬਾਂ ਰਾਹੀਂ ਆਵਾਜਾਈ ਕਰਦੇ ਹਨ। ਦਿੱਲੀ ਪੁਲਿਸ ਵੱਲੋਂ ਨਾਗਰਿਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਆ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਨਾਲ ਹੀ ਬਿਨਾਂ ਮਾਲਕ ਵਾਲੀਆਂ ਥੈਲੀਆਂ, ਡੱਬਿਆਂ, ਖਿਡੌਣਿਆਂ ਜਾਂ ਟਿਫ਼ਿਨ ਆਦਿ ਨੂੰ ਹੱਥ ਨਾ ਲਗਾਇਆ ਜਾਵੇ। ਸੁਰੱਖਿਆ ਜਾਂਚ ਦੌਰਾਨ ਪੂਰਾ ਸਹਿਯੋਗ ਕਰਨ ਅਤੇ ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਜਾਂ ਬਿਨਾਂ ਪੁਸ਼ਟੀ ਕੀਤੀ ਜਾਣਕਾਰੀ ਸਾਂਝੀ ਕਰਨ ਤੋਂ ਬਚਣ ਦੀ ਵੀ ਅਪੀਲ ਕੀਤੀ ਗਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਗਣਤੰਤਰ ਦਿਵਸ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਸਾਰੇ ਲੋੜੀਂਦੇ ਐਤਿਹਾਤੀ ਕਦਮ ਚੁੱਕੇ ਗਏ ਹਨ।