ਪਟਿਆਲਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਿੱਜੀ ਸਕੂਲ ਦੇ ਵਿਦਿਆਰਥੀ ਨੇ ਜਹਿਰ ਨਿਗਲ ਲਿਆ। ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਏ ਗਏ ਵਿਦਿਆਰਥੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਹਿਮਾਨ ਖਾਨ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, 15 ਤਰੀਖ ਨੂੰ ਰਹਿਮਾਨ ਖਾਨ ਦੀ ਆਪਣੇ ਹੀ ਸਕੂਲ ਦੇ ਇੱਕ ਹੋਰ ਵਿਦਿਆਰਥੀ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਰਹਿਮਾਨ ਮਾਨਸਿਕ ਤਣਾਅ ਵਿੱਚ ਰਹਿਣ ਲੱਗ ਪਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਾਈ ਤੋਂ ਬਾਅਦ ਸ਼ਾਮ ਨੂੰ ਘਰ ਆ ਕੇ ਰਹਿਮਾਨ ਨੇ ਬਹੁਤ ਜ਼ਿਆਦਾ ਪ੍ਰੇਸ਼ਾਨੀ ਦੇ ਚਲਦੇ ਜਹਿਰ ਨਿਗਲ ਲਿਆ।
ਪਰਿਵਾਰ ਵੱਲੋਂ ਤੁਰੰਤ ਰਹਿਮਾਨ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦਾ ਪੂਰਾ ਇਲਾਜ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਾਰੇ ਯਤਨਾਂ ਦੇ ਬਾਵਜੂਦ ਰਹਿਮਾਨ ਦੀ ਜਾਨ ਨਾ ਬਚਾਈ ਜਾ ਸਕੀ।
ਇਸ ਮਾਮਲੇ ਸਬੰਧੀ ਰਹਿਮਾਨ ਖਾਨ ਦੇ ਪਿਤਾ ਨੇ ਦੱਸਿਆ ਕਿ ਸਕੂਲ ਵਿੱਚ ਹੋਈ ਲੜਾਈ ਤੋਂ ਬਾਅਦ ਉਹਦਾ ਪੁੱਤਰ ਕਾਫ਼ੀ ਤਣਾਅ ਵਿੱਚ ਰਹਿੰਦਾ ਸੀ ਅਤੇ ਉਸੇ ਮਾਨਸਿਕ ਦਬਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪਰਿਵਾਰ ਵੱਲੋਂ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਗਈ ਹੈ।
ਦੂਜੇ ਪਾਸੇ, ਪਟਿਆਲਾ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ, ਪੋਸਟਮਾਰਟਮ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।