ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਦਿੱਲੀ ਪੁੱਜਾ। ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਵੀ ਸ਼ਾਮਲ ਸਨ।
ਵਿਧਾਨ ਸਭਾ ਵਿੱਚ ਕੀਤੀਆਂ ਟਿੱਪਣੀਆਂ ’ਤੇ ਐਤਰਾਜ਼
ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਕਮਿਸ਼ਨਰ ਨੂੰ ਸੌਂਪੀ ਗਈ ਦਰਖ਼ਾਸਤ ਵਿੱਚ ਕਿਹਾ ਗਿਆ ਹੈ ਕਿ 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ, ਜਿਸ ਨਾਲ ਸਿੱਖ ਸਮੁਦਾਇ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਪਹੁੰਚੀ ਹੈ। ਦਰਖ਼ਾਸਤ ਅਨੁਸਾਰ, ਇਹ ਟਿੱਪਣੀਆਂ ਵਿਧਾਨ ਸਭਾ ਦੀ ਅਧਿਕਾਰਿਕ ਕਾਰਵਾਈ ਵਿੱਚ ਵੀ ਦਰਜ ਹਨ।
ਸਿੱਖ ਗੁਰੂ ਸਾਹਿਬਾਨ ਦੇ ਉਪਦੇਸ਼ ਸਮੁੱਚੀ ਮਾਨੁੱਖਤਾ ਲਈ: ਐਸਜੀਪੀਸੀ
ਪੱਤਰ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ ਦੇ ਉਪਦੇਸ਼ ਸਮੁੱਚੀ ਮਾਨੁੱਖਤਾ ਲਈ ਰਾਹ-ਦਸੇਰਾ ਹਨ ਅਤੇ ਸਿੱਖ ਕੌਮ ਹਮੇਸ਼ਾਂ ਜਾਤ-ਪਾਤ, ਨਸਲ ਅਤੇ ਭੇਦਭਾਵ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦੀ ਸਿੱਖਿਆ ਦਿੰਦੀ ਆਈ ਹੈ। ਐਸਜੀਪੀਸੀ ਅਨੁਸਾਰ, ਆਤਿਸ਼ੀ ਵੱਲੋਂ ਕੀਤੀਆਂ ਟਿੱਪਣੀਆਂ ਨੇ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਤੌਰ ’ਤੇ ਠੇਸ ਪਹੁੰਚਾਈ ਹੈ।
ਸ਼ਹੀਦੀ ਸ਼ਤਾਬਦੀ ਦੇ ਸਮੇਂ ‘ਚ ਬਿਆਨ ਮੰਦਭਾਗਾ ਕਰਾਰ
ਦਰਖ਼ਾਸਤ ਵਿੱਚ ਇਹ ਵੀ ਦਰਸਾਇਆ ਗਿਆ ਹੈ ਕਿ ਇਸ ਸਮੇਂ, ਜਦੋਂ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ, ਅਜਿਹੇ ਸਮੇਂ ਚੁਣੇ ਹੋਏ ਲੋਕ ਪ੍ਰਤੀਨਿਧ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦ ਵਰਤਣਾ ਬੇਹੱਦ ਮੰਦਭਾਗੀ ਹੈ।
ਵਫ਼ਦ ਨੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਹੇਠ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਹਿਮਤ ਨਾ ਕਰੇ।