ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਜਨਕਪੁਰੀ ਅਤੇ ਵਿਕਾਸਪੁਰੀ ਹਿੰਸਾ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਦੋ ਲੋਕਾਂ ਦੀ ਮੌਤ ਹੋਈ ਸੀ ਅਤੇ ਸੱਜਣ ਕੁਮਾਰ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਭੀੜ ਨੂੰ ਹਿੰਸਾ ਲਈ ਭੜਕਾਇਆ।
ਅਦਾਲਤ ਵਿੱਚ ਆਪਣਾ ਬਚਾਅ ਕਰਦਿਆਂ ਸੱਜਣ ਕੁਮਾਰ ਨੇ ਕਿਹਾ ਕਿ ਉਹ ਬੇਕਸੂਰ ਹਨ ਅਤੇ ਇਸ ਘਟਨਾ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਦਾ ਦਾਅਵਾ ਸੀ ਕਿ ਉਨ੍ਹਾਂ ਦੇ ਖ਼ਿਲਾਫ਼ ਕੋਈ ਠੋਸ ਸਬੂਤ ਮੌਜੂਦ ਨਹੀਂ ਹੈ।
ਜਾਣਕਾਰੀ ਮੁਤਾਬਕ ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਦਿਗਵਿਜੈ ਸਿੰਘ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਸੰਬੰਧੀ ਇੱਕ ਸੰਖੇਪ ਜ਼ੁਬਾਨੀ ਫੈਸਲਾ ਸੁਣਾਇਆ। ਫੈਸਲੇ ਦੀ ਲਿਖਤੀ ਕਾਪੀ ਹਾਲੇ ਆਉਣੀ ਬਾਕੀ ਹੈ। ਗੌਰਤਲਬ ਹੈ ਕਿ ਪਿਛਲੇ ਸਾਲ ਦਸੰਬਰ ਵਿੱਚ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ 22 ਜਨਵਰੀ ਲਈ ਸੁਰੱਖਿਅਤ ਰੱਖਿਆ ਸੀ।
ਦੱਸਣਯੋਗ ਹੈ ਕਿ ਫਰਵਰੀ 2015 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ 1984 ਦੇ ਦੰਗਿਆਂ ਦੌਰਾਨ ਜਨਕਪੁਰੀ ਅਤੇ ਵਿਕਾਸਪੁਰੀ ਖੇਤਰਾਂ ਵਿੱਚ ਹੋਈ ਹਿੰਸਾ ਸਬੰਧੀ ਸ਼ਿਕਾਇਤਾਂ ਦੇ ਆਧਾਰ ‘ਤੇ ਸੱਜਣ ਕੁਮਾਰ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ।
ਇੱਕ ਐਫਆਈਆਰ ਜਨਕਪੁਰੀ ਮਾਮਲੇ ਨਾਲ ਸੰਬੰਧਤ ਸੀ, ਜਿੱਥੇ 1 ਨਵੰਬਰ 1984 ਨੂੰ ਸੋਹਨ ਸਿੰਘ ਅਤੇ ਉਸਦੇ ਜਵਾਈ ਅਵਤਾਰ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਦੂਜੀ ਐਫਆਈਆਰ ਵਿਕਾਸਪੁਰੀ ਨਾਲ ਜੁੜੀ ਸੀ, ਜਿੱਥੇ 2 ਨਵੰਬਰ 1984 ਨੂੰ ਗੁਰਬਚਨ ਸਿੰਘ ਨੂੰ ਕਥਿਤ ਤੌਰ ‘ਤੇ ਜ਼ਿੰਦਾ ਸਾੜ ਦਿੱਤਾ ਗਿਆ ਸੀ।