ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਭੇਟ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਾਵਨ ਹੁਕਮਨਾਮਾ ਸਰਵਨ ਕਰਵਾਇਆ ਗਿਆ ਅਤੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੇ ਸ਼ਹਾਦਤ ‘ਤੇ ਪ੍ਰਕਾਸ਼ ਪਾਇਆ ਗਿਆ।
ਐਡਵੋਕੇਟ ਧਾਮੀ ਨੇ ਸੰਗਤ ਨੂੰ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਗੁਰੂ ਭਰੋਸੇ ਅਤੇ ਤਿਆਗ ਦੀ ਮਹਾਨ ਮਿਸਾਲ ਹਨ। ਇਸ ਮੌਕੇ ਸਜੇ ਧਾਰਮਿਕ ਦੀਵਾਨਾਂ ਦੌਰਾਨ ਕੀਰਤਨ-ਕਥਾ ਹੋਈ ਅਤੇ ਵਿਸ਼ੇਸ਼ ਅੰਮ੍ਰਿਤ ਸੰਚਾਰ ਵਿੱਚ 181 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।