ਸੰਗਰੂਰ ਜ਼ਿਲ੍ਹੇ ਦੇ ਪਿੰਡ ਰੋਗਲਾ ਵਿੱਚ ਆਪਣੇ ਹੀ ਪਿੰਡ ਦੇ ਮੁੰਡੇ ਵੱਲੋਂ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪਿੰਡ ਵਿੱਚ ਸਨਸਨੀ ਫੈਲ ਗਈ। ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪੰਚਾਇਤ ਵੱਲੋਂ ਦੋਵੇਂ ਨੂੰ ਪਿੰਡੋਂ ਬਾਹਰ ਕੱਢਣ ਅਤੇ ਸਮਾਜਿਕ ਬਾਈਕਾਟ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ, ਵਿਆਹ ਤੋਂ ਬਾਅਦ ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਤਰਾਜ਼ ਜਤਾਇਆ। ਪਰਿਵਾਰ ਦਾ ਦੋਸ਼ ਹੈ ਕਿ ਇਸ ਵਿਆਹ ਕਾਰਨ ਕੁੜੀ ਦੇ ਮਾਤਾ-ਪਿਤਾ ਨੂੰ ਗਹਿਰਾ ਸਦਮਾ ਲੱਗਿਆ, ਜਿਸ ਤੋਂ ਬਾਅਦ ਦੋਵਾਂ ਦੀ ਮੌਤ ਹੋ ਗਈ।
ਪੰਚਾਇਤ ਨੇ ਪਿੰਡ ਵਿੱਚ ਵੱਡਾ ਇਕੱਠ ਕਰਕੇ ਫੈਸਲਾ ਕੀਤਾ ਕਿ ਜੇ ਮੁੰਡਾ-ਕੁੜੀ ਪਿੰਡ ਵਿੱਚ ਰਹੇ, ਤਾਂ ਕਾਨੂੰਨੀ ਕਾਰਵਾਈ ਲਈ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇਗਾ। ਨਾਲ ਹੀ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਉੱਧਰ, ਉਕਤ ਮੁੰਡਾ ਅਤੇ ਉਸਦਾ ਪਰਿਵਾਰ ਨਾ ਤਾਂ ਕੈਮਰੇ ਸਾਹਮਣੇ ਆਉਣ ਲਈ ਤਿਆਰ ਹਨ ਅਤੇ ਨਾ ਹੀ ਪੰਚਾਇਤ ਅੱਗੇ ਪੇਸ਼ ਹੋ ਰਹੇ ਹਨ।