ਉਤਰਾਖੰਡ ਦੇ ਦੇਹਰਾਦੂਨ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹਨ, ਜਦਕਿ 15 ਤੋਂ ਵੱਧ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਤੋਂ ਪਾਉਂਟਾ ਸਾਹਿਬ ਵੱਲ ਜਾ ਰਹੀ HRTC ਦੀ ਬੱਸ ਹਰੀਪੁਰ ਕਵਾਨੂ ਮਾਈਨਜ਼ ਰੋਡ ‘ਤੇ ਸੰਤੁਲਨ ਵਿਗੜਨ ਕਾਰਨ ਖੱਡ ਵਿੱਚ ਡਿੱਗ ਗਈ। ਹਾਦਸੇ ਸਮੇਂ ਬੱਸ ਵਿੱਚ 30 ਤੋਂ ਵੱਧ ਯਾਤਰੀ ਸਵਾਰ ਸਨ।
ਹਾਦਸਾ ਹੁੰਦੇ ਹੀ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਪਿੰਡ ਵਾਸੀਆਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ, SDRF ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਜ਼ਖ਼ਮੀਆਂ ਨੂੰ ਬਚਾ ਕੇ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਥਾਣਾ ਇੰਚਾਰਜ ਕਲਸੀ ਦੀਪਕ ਧਾਰੀਵਾਲ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਦਰਦਨਾਕ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।