ਗੁਰਦਾਸਪੁਰ ਦੇ ਪਿੰਡ ਨੱਥੂ ਖਹਿਰੇ ਦਾ 36 ਸਾਲਾ ਨੌਜਵਾਨ ਮਨਦੀਪ ਸਿੰਘ, ਜੋ ਕਿ ਰੋਜ਼ੀ-ਰੋਟੀ ਕਮਾਉਣ ਲਈ ਦੋ ਮਹੀਨੇ ਪਹਿਲਾਂ ਸਾਊਦੀ ਅਰਬ ਗਿਆ ਸੀ, ਦੀ ਉੱਥੇ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਦੇ ਪਿਤਾ ਬਲਦੇਵ ਸਿੰਘ, ਭਰਾ ਅਤੇ ਭੈਣ ਨੇ ਦੱਸਿਆ ਕਿ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਮਨਦੀਪ ਸਿੰਘ ਨੂੰ ਵਿਦੇਸ਼ ਭੇਜਿਆ ਸੀ, ਪਰ ਹੁਣ ਉਸਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਤੋੜ ਕੇ ਰੱਖ ਦਿੱਤਾ ਹੈ। ਪਰਿਵਾਰ ਨੇ ਸਾਊਦੀ ਅਰਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨਦੀਪ ਸਿੰਘ ਦੀ ਮੌਤ ਦੇ ਕਾਰਨਾਂ ਦੀ ਪੂਰੀ ਜਾਂਚ ਕੀਤੀ ਜਾਵੇ।
ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਇੱਕ ਵੀਡੀਓ ਮਿਲੀ ਹੈ, ਜਿਸ ਵਿੱਚ ਮਨਦੀਪ ਸਿੰਘ ਬਿਮਾਰ ਹਾਲਤ ਵਿੱਚ ਨਜ਼ਰ ਆ ਰਿਹਾ ਹੈ ਅਤੇ ਇੱਕ ਵਿਅਕਤੀ ਇਲਾਜ ਕਰਵਾਉਣ ਦੀ ਗੱਲ ਕਰ ਰਿਹਾ ਹੈ। ਇਸ ਵੀਡੀਓ ਤੋਂ ਬਾਅਦ ਪਰਿਵਾਰ ਦੀ ਚਿੰਤਾ ਹੋਰ ਵਧ ਗਈ।
ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਈ ਹੈ ਕਿ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਵਾਪਸ ਲਿਆਉਣ ਵਿੱਚ ਮਦਦ ਕੀਤੀ ਜਾਵੇ, ਕਿਉਂਕਿ ਉਹ ਬਹੁਤ ਗਰੀਬ ਹਨ ਅਤੇ ਇਹ ਖਰਚਾ ਉਠਾਉਣ ਦੇ ਸਮਰੱਥ ਨਹੀਂ ਹਨ।
ਉੱਧਰ, ਪਿੰਡ ਦੇ ਸਰਪੰਚ ਸਰਵਨ ਸਿੰਘ ਅਤੇ ਪਿੰਡ ਵਾਸੀ ਰਣਜੋਤ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਬਹੁਤ ਹੀ ਮਿਹਨਤੀ ਨੌਜਵਾਨ ਸੀ ਅਤੇ ਉਸਦੀ ਅਚਾਨਕ ਮੌਤ ਨਾਲ ਪਿੰਡ ਵਿੱਚ ਡੂੰਘਾ ਸੋਗ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਉਨ੍ਹਾਂ ਨੇ ਵੀ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਐਨਆਰਆਈ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ।