ਅਮਰੀਕਾ ਨਾਲ ਹਾਲ ਹੀ ਵਿੱਚ ਘੋਸ਼ਿਤ ਵਪਾਰ ਸਮਝੌਤੇ ਨੂੰ ਲੈ ਕੇ ਸੰਸਦ ਦੇ ਬਾਹਰ ਵਿਰੋਧੀ ਧਿਰ ਵੱਲੋਂ ਕੀਤੇ ਪ੍ਰਦਰਸ਼ਨ ਤੋਂ ਬਾਅਦ ਕੇਂਦਰ ਸਰਕਾਰ ਦੇ ਸਰੋਤਾਂ ਨੇ ਸਾਫ਼ ਕੀਤਾ ਹੈ ਕਿ ਕਿਸਾਨਾਂ, ਖੇਤੀਬਾੜੀ ਅਤੇ ਡੇਅਰੀ ਖੇਤਰ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਗਿਆ। ਸਰਕਾਰ ਨੇ ਕਿਹਾ ਕਿ ਸਾਰੇ ਸੰਵੇਦਨਸ਼ੀਲ ਖੇਤਰ ਪਹਿਲਾਂ ਵਾਂਗ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ।
ਸਰਕਾਰੀ ਸਰੋਤਾਂ ਮੁਤਾਬਕ ਵਿਰੋਧੀ ਧਿਰ ਦੇ ਦੋਸ਼ ਬੇਬੁਨਿਆਦ ਹਨ ਅਤੇ ਇਹ ਵਪਾਰ ਸਮਝੌਤਾ ਭਾਰਤ ਦੀ ਅਰਥਵਿਵਸਥਾ ਅਤੇ ਨਿਰਯਾਤ ਸਮਰੱਥਾ ਨੂੰ ਹੋਰ ਮਜ਼ਬੂਤ ਕਰੇਗਾ। ਕੱਚੇ ਤੇਲ ਦੀ ਖਰੀਦ ਸਬੰਧੀ ਵੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਉਹਨਾਂ ਦੇਸ਼ਾਂ ਤੋਂ ਹੀ ਤੇਲ ਖਰੀਦੇਗਾ ਜਿੱਥੇ ਕੋਈ ਅੰਤਰਰਾਸ਼ਟਰੀ ਪਾਬੰਦੀ ਨਹੀਂ ਹੈ।
ਸਰਕਾਰ ਦਾ ਦਾਅਵਾ ਹੈ ਕਿ ਇਸ ਸਮਝੌਤੇ ਨਾਲ ਭਾਰਤ-ਅਮਰੀਕਾ ਦੋ ਪੱਖੀ ਵਪਾਰ ਆਉਣ ਵਾਲੇ ਸਾਲਾਂ ਵਿੱਚ 500 ਅਰਬ ਡਾਲਰ ਤੱਕ ਪਹੁੰਚ ਸਕਦਾ ਹੈ।
ਦੂਜੇ ਪਾਸੇ, ਵਿਰੋਧੀ ਧਿਰ ਨੇ ਦੋਸ਼ ਲਗਾਇਆ ਹੈ ਕਿ ਟੈਰਿਫ ਡੀਲ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ ਅਤੇ ਸਰਕਾਰ ਤੋਂ ਸਮਝੌਤੇ ਦੀਆਂ ਸ਼ਰਤਾਂ ਸੰਸਦ ਵਿੱਚ ਰੱਖਣ ਦੀ ਮੰਗ ਕੀਤੀ ਹੈ। ਇਸ ਮਾਮਲੇ 'ਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅੱਜ ਸੰਸਦ ਵਿੱਚ ਵਿਸਥਾਰ ਨਾਲ ਬਿਆਨ ਦੇਣਗੇ।