ਜਗਰਾਓ ਨੇੜਲੇ ਪਿੰਡ ਲੀਲਾਂ ਸਥਿਤ ਇਕ ਨਿੱਜੀ ਸਕੂਲ ਕੋਲ ਹੋਏ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਸਦਰਪੁਰਾ ਦੇ ਦੋ ਨੌਜਵਾਨਾਂ ਬਲਰਾਜ ਸਿੰਘ ਅਤੇ ਕ੍ਰਿਸ਼ਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਗਰਾਓ ਵੱਲ ਜਾ ਰਹੇ ਸਨ ਕਿ ਅਚਾਨਕ ਤੇਜ਼ ਰਫ਼ਤਾਰ ਸਫਾਰੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਨੌਜਵਾਨਾਂ ਦੀ ਤੁਰੰਤ ਮੌਤ ਹੋ ਗਈ। ਪਿੰਡ ਸਦਰਪੁਰਾ ਦੇ ਸਰਪੰਚ ਕੁਲਦੀਪ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਤੇਜ਼ ਰਫ਼ਤਾਰ ਕਾਰ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕ੍ਰਿਸ਼ਨ ਸਿੰਘ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਵਿਆਹ ਲਈ ਪਿੰਡ ਆਇਆ ਸੀ, ਪਰ ਹਾਲੇ ਵਿਆਹ ਦੀ ਤਰੀਕ ਤੈਅ ਨਹੀਂ ਹੋਈ ਸੀ। ਇਸ ਹਾਦਸੇ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿੱਧਵਾਂਬੇਟ ਦੇ ਐਸਐਚਓ ਹੀਰਾ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ। ਪੁਲਿਸ ਮੁਤਾਬਕ ਹਾਦਸੇ ਮਗਰੋਂ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।