ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਵੀਰਵਾਰ ਦੇਰ ਰਾਤ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਹੋਏ ਮੁਕਾਬਲੇ ਦੌਰਾਨ 50 ਹਜ਼ਾਰ ਰੁਪਏ ਦਾ ਇਨਾਮੀ ਬਦਮਾਸ਼ ਰਿਹਾਨ ਅੰਸਾਰੀ ਮਾਰਿਆ ਗਿਆ, ਜਦਕਿ ਉਸ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਮੁਕਾਬਲੇ ਦੌਰਾਨ ਕੋਤਵਾਲੀ ਵਿੱਚ ਤਾਇਨਾਤ ਸਿਪਾਹੀ ਸੁਮਿਤ ਬੈਸਲਾ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਐਸਪੀ ਐਨਪੀ ਸਿੰਘ ਮੁਤਾਬਕ, ਲੁੱਟ ਦੀ ਸੂਚਨਾ ਮਿਲਣ ਤੋਂ ਬਾਅਦ ਕੋਤਵਾਲੀ ਪੁਲਿਸ ਅਤੇ ਐਸਓਜੀ ਟੀਮ ਨੇ ਘੇਰਾਬੰਦੀ ਕੀਤੀ। ਪੁਲਿਸ ਨੂੰ ਵੇਖਦੇ ਹੀ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਰਿਹਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਪੁਲਿਸ ਅਨੁਸਾਰ, ਰਿਹਾਨ ਖ਼ਿਲਾਫ਼ ਸ਼ਾਮਲੀ, ਬਾਗਪਤ, ਗਾਜ਼ੀਆਬਾਦ, ਦਿੱਲੀ ਅਤੇ ਹਰਿਆਣਾ ਵਿੱਚ ਲੁੱਟ ਅਤੇ ਹੋਰ ਗੰਭੀਰ ਧਾਰਾਵਾਂ ਹੇਠ 90 ਤੋਂ ਵੱਧ ਮਾਮਲੇ ਦਰਜ ਸਨ। ਪੁਲਿਸ ਨੇ ਮੌਕੇ ਤੋਂ ਹਥਿਆਰ, ਕਾਰਤੂਸ, ਲੁੱਟਿਆ ਸਮਾਨ ਅਤੇ ਮੋਟਰਸਾਈਕਲ ਵੀ ਬਰਾਮਦ ਕੀਤੀ ਹੈ।