ਮੇਘਾਲਿਆ ਦੇ ਪੂਰਬੀ ਜੈਂਤੀਆ ਹਿਲਜ਼ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਗੈਰ-ਕਾਨੂੰਨੀ ਕੋਲਾ ਖਾਨ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖਮੀ ਹੋਣ ਦੀ ਸੂਚਨਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਧਮਾਕਾ ਡਾਇਨਾਮਾਈਟ ਕਾਰਨ ਹੋਇਆ।
ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਾਫ਼ ਕਿਹਾ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਧਮਾਕੇ ਵਿੱਚ 18 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ 11 ਵਜੇ ਪੂਰਬੀ ਜੈਂਤੀਆ ਹਿਲਜ਼ ਦੀ ਇੱਕ ਗੈਰ-ਕਾਨੂੰਨੀ ਕੋਲਾ ਖਾਨ ਵਿੱਚ ਹੋਇਆ। ਮੌਕੇ ‘ਤੇ ਐਸਡੀਆਰਐਫ ਦੀ ਟੀਮ ਅਤੇ ਐਨਡੀਆਰਐਫ ਦੇ ਕਈ ਜਵਾਨ ਤਾਇਨਾਤ ਹਨ। ਇਸ ਤੋਂ ਇਲਾਵਾ, ਪੂਰਬੀ ਖੇਤਰ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ, ਮਾਈਨਿੰਗ ਵਿਭਾਗ ਦੇ ਅਧਿਕਾਰੀ ਅਤੇ ਸਥਾਨਕ ਪ੍ਰਸ਼ਾਸਨ ਵੀ ਘਟਨਾ ਸਥਾਨ ‘ਤੇ ਮੌਜੂਦ ਹਨ। ਬਚਾਅ ਅਤੇ ਜਾਂਚ ਕਾਰਵਾਈ ਜਾਰੀ ਹੈ।