ਬਠਿੰਡਾ ਵਿੱਚ ਅੱਜ ਕਿਸਾਨਾਂ ਵੱਲੋਂ ਲਗਾਏ ਜਾਣ ਵਾਲੇ ਪੱਕੇ ਮੋਰਚੇ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸੇ ਦਰਮਿਆਨ ਬਰਨਾਲਾ ਅਤੇ ਸੰਗਰੂਰ ਵਿੱਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪਾਂ ਵੀ ਹੋਈਆਂ।
ਦੱਸਿਆ ਜਾ ਰਿਹਾ ਹੈ ਕਿ ਧਰਨੇ ਤੋਂ ਪਹਿਲਾਂ ਸਵੇਰ ਤੋਂ ਹੀ ਪੁਲਿਸ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਜਾਣਾ ਸ਼ੁਰੂ ਕਰ ਦਿੱਤਾ ਗਿਆ ਸੀ। ਕਿਸਾਨ ਜੇਲ੍ਹ ਵਿੱਚ ਬੰਦ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।
ਸੰਗਰੂਰ ਦੇ ਮਹਿਲਾ ਚੌਂਕ ਦੇ ਪੁਲ ‘ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਲਾਠੀਚਾਰਜ ਹੋਇਆ, ਜਿਸ ਦੌਰਾਨ ਸੈਂਕੜੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦੱਸਣਯੋਗ ਹੈ ਕਿ ਬੀਤੀ ਰਾਤ ਤੋਂ ਹੀ ਕਈ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਡਿਟੇਨ ਕੀਤਾ ਗਿਆ ਸੀ। ਧੱਕਾ-ਮੁੱਕੀ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਇੱਕ ਬਜ਼ੁਰਗ ਮਹਿਲਾ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਈ।
ਪੁਲਿਸ ਨੇ ਮੌਕੇ ‘ਤੇ ਹੀ ਪੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾ ਅਤੇ ਹਰਜਿੰਦਰ ਸਿੰਘ ਘਰਾਚੋਂ ਨੂੰ ਹਿਰਾਸਤ ਵਿੱਚ ਲੈ ਲਿਆ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬੈਨਰ ਹੇਠ ਕਿਸਾਨ ਆਪਣੇ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਨੇੜੇ ਧਰਨਾ ਦੇਣ ਵਾਲੇ ਸਨ। ਪਰ ਧਰਨੇ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਅਤੇ ਜ਼ਿਲ੍ਹੇ ਭਰ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਨਾਕਾਬੰਦੀ ਲਗਾ ਦਿੱਤੀ।
ਕੀ ਹੈ ਪੂਰਾ ਮਾਮਲਾ?
ਕਿਸਾਨ ਆਗੂਆਂ ਅਨੁਸਾਰ ਇਹ ਸਾਰਾ ਸੰਘਰਸ਼ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਓਂਦ ਦੀ ਰਿਹਾਈ ਨੂੰ ਲੈ ਕੇ ਹੈ, ਜੋ ਪਿਛਲੇ ਨੌਂ ਮਹੀਨਿਆਂ ਤੋਂ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਯੂਨੀਅਨ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਖਿਲਾਫ ਝੂਠੇ ਕੇਸ ਦਰਜ ਕੀਤੇ ਹਨ। ਸਗਨਦੀਪ ਸਿੰਘ ਦੀ ਮਾਂ ਦੀ ਮੌਤ ਵੀ ਉਸ ਸਮੇਂ ਹੋਈ ਸੀ ਜਦੋਂ ਉਹ ਜੇਲ੍ਹ ਵਿੱਚ ਸੀ ਅਤੇ ਭਾਰੀ ਵਿਰੋਧ ਤੋਂ ਬਾਅਦ ਉਸਨੂੰ ਸਿਰਫ਼ ਅੰਤਿਮ ਸੰਸਕਾਰ ਲਈ ਹੀ ਪੈਰੋਲ ਮਿਲੀ ਸੀ।