ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਇੱਕ ਨਵੇਂ ਸੰਘਰਸ਼ ਦੀ ਤਿਆਰੀ ਦਾ ਐਲਾਨ ਕੀਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਭਾਰੀ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕਾ ਹੈ ਅਤੇ ਇਸ ਵਿੱਚ ਫਲੋਰਾਈਡ, ਨਾਈਟਰੇਟਸ, ਆਰਸੇਨਿਕ ਅਤੇ ਯੂਰੇਨੀਅਮ ਵਰਗੇ ਜ਼ਹਿਰੀਲੇ ਤੱਤ ਮਿਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇ ਹਾਲਾਤ ਜਲਦੀ ਨਾ ਸੁਧਰੇ ਤਾਂ ਆਉਣ ਵਾਲੇ ਚਾਰ ਸਾਲਾਂ ਵਿੱਚ ਪੰਜਾਬ ਦਾ ਕੋਈ ਵੀ ਘਰ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਨਹੀਂ ਰਹੇਗਾ।
ਕਿਸਾਨਾਂ ਨੇ ਸੂਬੇ ਦੇ ਲੋਕਾਂ ਲਈ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਤੁਰੰਤ ਮੰਗ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਦਾ ਪਾਣੀ ਗੈਰ-ਸੰਵਿਧਾਨਕ ਤਰੀਕੇ ਨਾਲ ਗਲਤ ਸਮਝੌਤਿਆਂ ਰਾਹੀਂ ਗੈਰ-ਰਾਈਪੇਰੀਅਨ ਰਾਜਾਂ ਨੂੰ ਦਿੱਤਾ ਗਿਆ, ਜਿਨ੍ਹਾਂ ਨੂੰ ਕਦੇ ਵੀ ਪੰਜਾਬ ਵਿਧਾਨ ਸਭਾ ਤੋਂ ਮਨਜ਼ੂਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ 1948 ਤੋਂ ਲੈ ਕੇ ਅੱਜ ਤੱਕ ਕਈ ਸਮਝੌਤੇ ਕੇਂਦਰ ਸਰਕਾਰ ਦੇ ਦਬਾਅ ਹੇਠ ਕਰਵਾਏ ਗਏ, ਜਿਸ ਦੀ ਸਜ਼ਾ ਪੰਜਾਬ ਅੱਜ ਤੱਕ ਭੁਗਤ ਰਿਹਾ ਹੈ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਨੇ ਰਾਜਸਥਾਨ ਨੂੰ ਪੀਣ ਵਾਲੇ ਪਾਣੀ ਲਈ ਸਹਿਯੋਗ ਦਿੱਤਾ ਸੀ, ਪਰ ਅੱਜ ਉਹੀ ਪਾਣੀ ਉਦਯੋਗਿਕ ਅਤੇ ਵਪਾਰਕ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਕਰੋੜ ਰੁਪਏ ਦੀ ਆਮਦਨ ਹੋ ਰਹੀ ਹੈ, ਜਦਕਿ ਪੰਜਾਬ ਨੂੰ ਆਪਣੀ ਹੀ ਸੰਪਤੀ ਦਾ ਕੋਈ ਮੁਆਵਜ਼ਾ ਨਹੀਂ ਮਿਲ ਰਿਹਾ।
ਕਿਸਾਨ ਆਗੂਆਂ ਨੇ ਐਸਵਾਈਐਲ ਨਹਿਰ, ਯਮੁਨਾ ਪਾਣੀ ਵੰਡ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵੀ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਹੋਰ ਰਾਜ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕੇ ਹਨ, ਜਦਕਿ ਪੰਜਾਬ ਨੂੰ ਪਾਣੀ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੰਤ ਵਿੱਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਇੱਕ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਸੰਘਰਸ਼ ਦੀ ਅਗਲੀ ਰਣਨੀਤੀ ਤਿਆਰੀ ਪੂਰੀ ਹੋਣ ਤੋਂ ਬਾਅਦ ਜਨਤਕ ਤੌਰ ‘ਤੇ ਐਲਾਨੀ ਜਾਵੇਗੀ।