ਕਾਂਗਰਸ ਤੋਂ ਕੱਢੇ ਜਾਣ ਮਗਰੋਂ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ “ਪੱਪੂ” ਨੇ ਆਖ਼ਰਕਾਰ ਆਪਣੇ ਨਾਮ ‘ਤੇ ਮੋਹਰ ਲਗਾ ਦਿੱਤੀ ਹੈ। ਡਾ. ਸਿੱਧੂ ਨੇ ਆਲੋਚਨਾ ਕਰਦਿਆਂ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਆਪਣੇ ਆਪ ਨੂੰ ਇਕੱਲਾ ਇਮਾਨਦਾਰ ਅਤੇ ਗਿਆਨਵਾਨ ਸਮਝਦੇ ਹਨ, ਪਰ ਉਹ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ।
ਉਨ੍ਹਾਂ ਆਰੋਪ ਲਾਇਆ ਕਿ ਰਾਹੁਲ ਦੇ ਨਜ਼ਦੀਕੀ ਲੋਕ ਉਨ੍ਹਾਂ ਨੂੰ ਹਕੀਕਤ ਤੋਂ ਦੂਰ ਰੱਖਦੇ ਹਨ ਅਤੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਹੀ ਟਿਕਟਾਂ ਵੇਚ ਕੇ ਐਸ਼ੋ-ਆਰਾਮ ਦੀ ਜ਼ਿੰਦਗੀ ਜੀ ਰਹੇ ਹਨ। ਡਾ. ਸਿੱਧੂ ਨੇ ਰਾਹੁਲ ਗਾਂਧੀ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਕਾਲ ‘ਤੇ ਅਹਿਮ ਫੈਸਲਾ ਲੈਣ ਵਿੱਚ ਉਨ੍ਹਾਂ ਨੂੰ ਛੇ ਮਹੀਨੇ ਲੱਗ ਜਾਂਦੇ ਹਨ, ਜਿਸ ਕਾਰਨ ਨੁਕਸਾਨ ਹੋਣਾ ਨਿਸ਼ਚਿਤ ਬਣ ਜਾਂਦਾ ਹੈ।
ਆਪਣੇ ਬਿਆਨ ਵਿੱਚ ਡਾ. ਨਵਜੋਤ ਕੌਰ ਸਿੱਧੂ ਨੇ ਸਵਾਲ ਕੀਤਾ ਕਿ ਕੀ ਇਸ ਆਗੂ ਦੇ ਸਮਰਥਕ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰਨ ਨੂੰ ਤਿਆਰ ਹਨ? ਉਨ੍ਹਾਂ ਕਿਹਾ ਕਿ ਪਾਰਟੀ ਦੇ ਬਹੁਤੇ ਆਗੂ ਨਿਸ਼ਕਾਮ ਸੇਵਾ ਦੀ ਬਜਾਏ ਆਪਣੀਆਂ ਜੇਬਾਂ ਭਰਨ ਵਿੱਚ ਲੱਗੇ ਹੋਏ ਹਨ, ਕਿਉਂਕਿ ਉਹ ਜਾਣਦੇ ਹਨ ਕਿ ਉਹ ਮੁੜ ਸੱਤਾ ਵਿੱਚ ਨਹੀਂ ਆਉਣਗੇ।
ਡਾ. ਸਿੱਧੂ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਹਿੰਮਤ ਹੈ ਤਾਂ ਆਪਣੇ ਸਾਥੀਆਂ ਨੂੰ ਮੌਜੂਦਾ ਸਰਕਾਰ ਦੇ ਵਿਰੁੱਧ ਬੋਲਣ ਅਤੇ ਆਪਣੀਆਂ ਫਾਈਲਾਂ ਦੇ ਖੁਲਾਸਿਆਂ ਦਾ ਸਾਹਮਣਾ ਕਰਨ ਲਈ ਕਹਿਣ। ਅੰਤ ਵਿੱਚ, ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਇੱਕ “ਚੰਗੇ ਦੋਸਤ” ਵਜੋਂ ਸਲਾਹ ਦਿੰਦਿਆਂ ਕਿਹਾ ਕਿ ਉਹ ਹੋਰ ਸਿਆਣੇ, ਗੰਭੀਰ, ਗ੍ਰਹਿਣਸ਼ੀਲ ਅਤੇ ਵਿਹਾਰਕ ਬਣਨ।