ਪੰਜਾਬ ਵਿੱਚ ਇੱਕ ਵਾਰ ਫਿਰ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ। ਮੁਹਾਲੀ ਦੇ ਫੇਜ਼-11 ਵਿੱਚ ਇੱਕ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਕੁਝ ਪ੍ਰਵਾਸੀ ਮਜ਼ਦੂਰਾਂ ਨੇ ਇਕੱਠੇ ਹੋ ਕੇ ਗੁਰਸੇਵਕ ਸਿੰਘ ‘ਤੇ ਹਮਲਾ ਕੀਤਾ ਅਤੇ ਉਸ ਨੂੰ ਬੇਰਹਿਮੀ ਨਾਲ ਚਾਕੂ ਮਾਰੇ।
ਪਰਿਵਾਰ ਨੇ ਦੱਸਿਆ ਕਿ ਗੁਰਸੇਵਕ ਸਿੰਘ ਫੇਜ਼-11 ਵਿੱਚ ਸਥਿਤ ਮੰਦਰ ਤੋਂ ਮੱਥਾ ਟੇਕ ਕੇ ਬਾਹਰ ਨਿਕਲ ਰਿਹਾ ਸੀ, ਇਸ ਦੌਰਾਨ ਪ੍ਰਵਾਸੀ ਨੌਜਵਾਨਾਂ ਨੇ ਉਸ ‘ਤੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਨੂੰ ਗੰਭੀਰ ਸੱਟਾਂ ਵੱਜੀਆਂ।
ਜ਼ਖ਼ਮੀ ਹਾਲਤ ਵਿੱਚ ਗੁਰਸੇਵਕ ਸਿੰਘ ਨੂੰ ਤੁਰੰਤ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਹਰਮਨਦੀਪ ਸਿੰਘ ਹਾਂਸ ਖੁਦ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਵਾਸੀ ਨੌਜਵਾਨਾਂ ਦੀ ਆਪਸੀ ਲੜਾਈ ਦੌਰਾਨ ਗੁਰਸੇਵਕ ਨੂੰ ਸੱਟਾਂ ਵੱਜੀਆਂ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ, ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਹਸਪਤਾਲ ਵਿੱਚ ਲਿਆਉਣ ਤੋਂ ਬਾਅਦ ਕਰੀਬ ਦੋ ਘੰਟੇ ਤੱਕ ਉਸ ਦਾ ਢੁਕਵਾਂ ਇਲਾਜ ਨਹੀਂ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਐਸਐਸਪੀ ਨੇ ਸਪੱਸ਼ਟ ਕੀਤਾ ਕਿ ਹਸਪਤਾਲ ਵਿੱਚ ਦਾਖਲੇ ਅਤੇ ਇਲਾਜ ਨਾਲ ਜੁੜੇ ਹਰ ਪੱਖ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਗਈ ਹੈ।
ਪੁਲਿਸ ਅਨੁਸਾਰ, ਪਹਿਲਾਂ ਮਾਮਲਾ ਕਤਲ ਦੀ ਕੋਸ਼ਿਸ਼ ਤਹਿਤ ਦਰਜ ਕੀਤਾ ਗਿਆ ਸੀ, ਪਰ ਨੌਜਵਾਨ ਦੀ ਮੌਤ ਤੋਂ ਬਾਅਦ ਹੁਣ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਲਈ ਡਾਕਟਰਾਂ ਦਾ ਬੋਰਡ ਬਣਾਇਆ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇ। ਇਸ ਮਾਮਲੇ ਵਿੱਚ ਹੁਣ ਤੱਕ ਪੰਜ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ।
ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ।