ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਵਿੱਚ ਮਾਈਨਿੰਗ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਟ੍ਰਿਬਿਊਨਲ ਨੇ ਸੂਬੇ ਭਰ ਦੀਆਂ ਸਾਰੀਆਂ 85 ਮਾਈਨਿੰਗ ਸਾਈਟਾਂ ‘ਤੇ ਮਾਈਨਿੰਗ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਹ ਕਾਰਵਾਈ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਗਾਹਲੜੀ ਦੀ ਪੰਚਾਇਤ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ‘ਤੇ ਕੀਤੀ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ।
ਐਨਜੀਟੀ ਨੇ ਪਿੰਡ ਗਾਹਲੜੀ ਦੀ ਪੰਚਾਇਤ ਦੀ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਉਹ ਸਾਰੀਆਂ 85 ਥਾਵਾਂ, ਜਿਨ੍ਹਾਂ ਦੀ ਪਛਾਣ ਪਿਛਲੇ ਸਾਲ ਪੰਜਾਬ ਜਲ ਸਰੋਤ ਵਿਭਾਗ ਵੱਲੋਂ ਕੀਤੀ ਗਈ ਸੀ, ਉੱਥੇ ਮਾਈਨਿੰਗ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਟ੍ਰਿਬਿਊਨਲ ਨੇ ਸਪੱਸ਼ਟ ਕੀਤਾ ਕਿ ਇਹ ਰੋਕ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।
ਦੱਸਣਯੋਗ ਹੈ ਕਿ ਐਨਜੀਟੀ ਇੱਕ ਕਾਨੂੰਨੀ ਨਿਆਂਇਕ ਸੰਸਥਾ ਹੈ, ਜੋ ਵਾਤਾਵਰਨ ਦੀ ਸੁਰੱਖਿਆ, ਜੰਗਲਾਂ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਨਾਲ ਜੁੜੇ ਮਾਮਲਿਆਂ ‘ਤੇ ਫੈਸਲੇ ਕਰਦੀ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਥਾਵਾਂ ਤੋਂ ਦਰਿਆਈ ਪਾਣੀ ਦੀ ਮਿੱਟੀ ਕੱਢਣ ਅਤੇ ਹਟਾਉਣ ਲਈ ਟੈਂਡਰ ਨੋਟਿਸ ਜਾਰੀ ਕੀਤੇ ਗਏ ਸਨ।
ਪਿੰਡ ਗਾਹਲੜੀ ਦੀ ਪੰਚਾਇਤ ਨੇ ਕੀ ਦਲੀਲ ਦਿੱਤੀ?
ਪੰਚਾਇਤ ਦੇ ਵਕੀਲ ਨੇ ਟ੍ਰਿਬਿਊਨਲ ਅੱਗੇ ਦਲੀਲ ਦਿੱਤੀ ਕਿ ਡਰੇਜ਼ਿੰਗ ਅਤੇ ਡੀਸਿਲਟਿੰਗ ਦਾ ਕੰਮ ਵਪਾਰਕ ਉਦੇਸ਼ਾਂ ਲਈ ਕੀਤਾ ਜਾ ਰਿਹਾ ਸੀ, ਇਸ ਲਈ ਇਸ ਲਈ ਲਾਜ਼ਮੀ ਵਾਤਾਵਰਣਕ ਪ੍ਰਵਾਨਗੀਆਂ ਲੈਣੀਅਾਂ ਜ਼ਰੂਰੀ ਸਨ। ਉਨ੍ਹਾਂ ਕਿਹਾ ਕਿ ਪਿੰਡ ਨੀਵੇਂ ਪਾਸੇ ਸਥਿਤ ਹੈ ਅਤੇ ਜੇਕਰ ਡੀਸਿਲਟਿੰਗ ਕੀਤੀ ਗਈ ਤਾਂ ਪਿੰਡ ਵਾਸੀਆਂ ਦੀਆਂ ਜ਼ਮੀਨਾਂ ‘ਤੇ ਮਾੜਾ ਅਸਰ ਪੈ ਸਕਦਾ ਹੈ।
ਇਸ ‘ਤੇ ਐਨਜੀਟੀ ਨੇ ਆਪਣੇ ਹੁਕਮ ਵਿੱਚ ਕਿਹਾ,
“ਭਾਵੇਂ ਟੈਂਡਰ ਦੀ ਪ੍ਰਕਿਰਿਆ ਅੱਗੇ ਵਧ ਸਕਦੀ ਹੈ, ਪਰ ਡੀਸਿਲਟਿੰਗ ਅਤੇ ਮਾਈਨਿੰਗ ਦਾ ਕੰਮ ਸ਼ੁਰੂ ਨਹੀਂ ਕੀਤਾ ਜਾਵੇਗਾ।”
ਵਕੀਲ ਵੱਲੋਂ ਵਾਤਾਵਰਨ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਵੀ ਉਠਾਇਆ ਗਿਆ ਸੀ। ਇਹ ਹੁਕਮ ਪਿੰਡ ਵਾਸੀਆਂ ਲਈ ਇਸ ਕਰਕੇ ਵੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਪਿਛਲੇ ਸਾਲ ਅਗਸਤ ਅਤੇ ਸਤੰਬਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਨਾਲ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਸੀ।
ਮਾਈਨਿੰਗ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਵਿਭਾਗ ਐਨਜੀਟੀ ਦੇ ਹੁਕਮਾਂ ਦੀ ਪੂਰੀ ਸਮੀਖਿਆ ਕਰਨ ਤੋਂ ਬਾਅਦ ਹੀ ਆਪਣਾ ਅਧਿਕਾਰਤ ਪੱਖ ਰੱਖੇਗਾ।