ਜਲੰਧਰ ਦੇ ਰਾਮਾ ਮੰਡੀ ਅਧੀਨ ਆਉਂਦੇ ਜੋਗਿੰਦਰ ਨਗਰ ਇਲਾਕੇ ਵਿੱਚ ਇੱਕ ਨਵ-ਵਿਆਹੁਤਾ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 30 ਸਾਲਾ ਮਿਸ਼ੂ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਸਹੁਰੇ ਘਰ ਹੰਗਾਮਾ ਕਰਦਿਆਂ ਭੰਨਤੋੜ ਕੀਤੀ ਅਤੇ ਪਤੀ ‘ਤੇ ਕਤਲ ਕਰਨ ਦੇ ਦੋਸ਼ ਲਗਾਏ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦੇ ਭਰਾ ਅਤੁਲ ਨੇ ਦੱਸਿਆ ਕਿ ਮਿਸ਼ੂ ਦਾ ਵਿਆਹ ਕਰੀਬ 12 ਮਹੀਨੇ ਪਹਿਲਾਂ ਜੋਗਿੰਦਰ ਨਗਰ ਦੇ ਰਹਿਣ ਵਾਲੇ ਅਵਿਨਾਸ਼ ਨਾਲ ਹੋਇਆ ਸੀ। ਉਸਦਾ ਆਰੋਪ ਹੈ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਅਵਿਨਾਸ਼ ਉਸਨੂੰ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਅਤੇ ਕਈ ਵਾਰ ਕੁੱਟਮਾਰ ਵੀ ਕੀਤੀ। ਇਸ ਸਬੰਧੀ ਪਹਿਲਾਂ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ, ਪਰ ਪਰਿਵਾਰਕ ਦਖ਼ਲ ਨਾਲ ਮਾਮਲਾ ਸੁਲਝਾ ਲਿਆ ਗਿਆ।
ਅਤੁਲ ਨੇ ਦੱਸਿਆ ਕਿ ਦੁਪਹਿਰ ਸਮੇਂ ਫੋਨ ਰਾਹੀਂ ਜਾਣਕਾਰੀ ਮਿਲੀ ਕਿ ਮਿਸ਼ੂ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਪਰ ਜਦੋਂ ਪਰਿਵਾਰ ਮੌਕੇ ‘ਤੇ ਪਹੁੰਚਿਆ ਤਾਂ ਉਸਦੀ ਗਰਦਨ ‘ਤੇ ਉਂਗਲਾਂ ਦੇ ਨਿਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੂੰ ਕਤਲ ਦਾ ਸ਼ੱਕ ਹੋਇਆ। ਇਸ ਦੀ ਸੂਚਨਾ ਤੁਰੰਤ ਰਾਮਾ ਮੰਡੀ ਪੁਲਿਸ ਸਟੇਸ਼ਨ ਨੂੰ ਦਿੱਤੀ ਗਈ।
ਰਾਮਾ ਮੰਡੀ ਥਾਣੇ ਦੇ ਜਾਂਚ ਅਧਿਕਾਰੀ ਏਐਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਗਰਦਨ ‘ਤੇ ਨਿਸ਼ਾਨ ਮਿਲੇ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।